ਪੰਜਾਬ ‘ਚ 2 ਦਿਨ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸੁਸਤ ਚੱਲ ਰਿਹਾ ਹੈ, ਪਰ ਅਗਲੇ ਦੋ ਦਿਨ ਪੰਜਾਬ ਦੇ ਲੋਕਾਂ ਲਈ ਔਖੇ ਹੋ ਸਕਦੇ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਜਿਨ੍ਹਾਂ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ, ਜਿੰਨਾ ਵਿੱਚ 27 ਅਤੇ 28 ਅਗਸਤ ਨੂੰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਇਸ ਦੌਰਾਨ, ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਮੌਸਮ ਮਿਲਿਆ-ਜੁਲਿਆ ਰਿਹਾ। ਕਦੇ ਆਸਮਾਨ ਵਿੱਚ ਬੱਦਲ ਛਾਏ ਹੋਏ ਸਨ ਅਤੇ ਕਦੇ ਧੁੱਪ ਸੀ।
ਸ਼ਨੀਵਾਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਪਿਆ। ਹਾਲਾਂਕਿ ਤਾਪਮਾਨ ‘ਤੇ ਇਸ ਦਾ ਜ਼ਿਆਦਾ ਅਸਰ ਨਹੀਂ ਪਿਆ। ਪੰਜਾਬ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ। ਫਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 38.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਰਨਾਲਾ ਦਾ ਘੱਟੋ-ਘੱਟ ਤਾਪਮਾਨ 23.5 ਦਰਜ ਕੀਤਾ ਗਿਆ ਹੈ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਹੈ।