ਪੰਜਾਬ ਵਿਧਾਨ ਸਭਾ ਵੱਲ ਮਾਰਚ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦਰਮਿਆਨ ਰੇੜਕਾ ਜਾਰੀ
ਦਲਜੀਤ ਕੌਰ, ਚੰਡੀਗੜ੍ਹ-
ਬੀਕੇਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਨੀਤੀ ਬਨਾਉਣ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਨੂੰ ਲੈ ਕੇ ਯੂ ਟੀ ਪ੍ਰਸ਼ਾਸਨ ਅਤੇ ਜਥੇਬੰਦੀਆਂ ਦੇ ਆਗੂਆਂ ਦਰਮਿਆਨ ਸ਼ਾਮ ਨੂੰ ਕਰੀਬ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਕੋਈ ਸਹਿਮਤੀ ਨਹੀਂ ਬਣ ਸਕੀ।
ਪ੍ਰਸ਼ਾਸਨ ਵੱਲੋਂ ਇਸ ਮਾਰਚ ਨੂੰ ਰੱਦ ਕਰਨ ਦੀ ਤਜਵੀਜ਼ ਪੁਗਾਉਣ ਲਈ ਜ਼ੋਰ ਪਾਇਆ ਗਿਆ ਜੋ ਕਿ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤੀ ਗਈ। ਜਥੇਬੰਦੀਆਂ ਦਾ ਤਰਕ ਸੀ ਕਿ ਉਹ ਪੰਜਾਬ ਦੇ ਵਸਨੀਕ ਹਨ ਅਤੇ ਚੰਡੀਗੜ੍ਹ ਉਹਨਾਂ ਦੀ ਰਾਜਧਾਨੀ ਹੈ ਅਤੇ ਉਸਦੀ ਵਿਧਾਨ ਸਭਾ ਤੱਕ ਮਾਰਚ ਕਰਨਾ ਉਹਨਾਂ ਦਾ ਜਮਹੂਰੀ ਅਧਿਕਾਰ ਹੈ।
ਆਖਰ ਪ੍ਰਸ਼ਾਸਨ ਵੱਲੋਂ ਜਥੇਬੰਦੀਆਂ ਨਾਲ਼ ਇਸ ਮਸਲੇ ਨੂੰ ਮੁੜ ਵਿਚਾਰ ਕੇ ਦੁਬਾਰਾ ਮੀਟਿੰਗ ਕਰਨ ਦੀ ਤਜਵੀਜ਼ ਨਾਲ਼ ਮੀਟਿੰਗ ਸਮਾਪਤ ਹੋਈ।
ਮੀਟਿੰਗ ਵਿੱਚ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਹਾਜ਼ਰ ਸਨ।
ਜਦੋਂ ਕਿ ਪ੍ਰਸ਼ਾਸਨ ਦੀ ਤਰਫੋਂ ਚੰਡੀਗੜ੍ਹ ਦੇ ਆਈ ਜੀ ਅਤੇ ਐਸ ਐਸ ਪੀ ਚ, ਪੰਜਾਬ ਵੱਲੋਂ ਜਸਕਿਰਨ ਸਿੰਘ ਰਿਟਾ. ਏ ਡੀ ਜੀ ਪੀ (ਆਈ) ਗੁਰਪ੍ਰੀਤ ਸਿੰਘ ਭੁੱਲਰ, ਡੀ ਆਈ ਜੀ ਨਰਿੰਦਰ ਭਾਰਗਵ ਸ਼ਾਮਲ ਹੋਏ।