All Latest NewsNews FlashPunjab News

ਮਾਮਲਾ NIA ਵਲੋਂ ਪੰਜਾਬ ਤੇ ਚੰਡੀਗੜ੍ਹ ‘ਚ ਛਾਪੇਮਾਰੀ, ਗ੍ਰਿਫ਼ਤਾਰੀ ਅਤੇ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਦਾ! CPI (ML) ਨਿਊ ਡੈਮੋਕਰੇਸੀ ਵਲੋਂ ਰੋਸ ਪ੍ਰਦਰਸ਼ਨ ਦਾ ਸੱਦਾ

 

ਦਲਜੀਤ ਕੌਰ, ਚੰਡੀਗੜ੍ਹ/ਜਲੰਧਰ:

ਦੇਸ਼ ਭਰ ਵਿੱਚ ਲੋਕਾਂ ਦੀ ਜ਼ੁਬਾਨਬੰਦੀ ਕਰਨ ਖਿਲਾਫ਼, ਸੂਬਿਆਂ ਦੇ ਅਧਿਕਾਰ ਖੋਹਣ ਵਿਰੁੱਧ ਅਤੇ ਮੋਦੀ ਹਕੂਮਤ ਵੱਲੋਂ ਜੁਬਾਨਬੰਦੀ ਕਰਨ ਲਈ ਰਾਜਨੀਤਿਕ, ਬੁੱਧੀਜੀਵੀ, ਪੱਤਰਕਾਰ, ਵਕੀਲ ਤੇ ਇਨਸਾਫਪਸੰਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ, ਛਾਪੇਮਾਰੀ ਕਰਨ ਅਤੇ ਝੂਠੇ ਪੁਲਿਸ ਕੇਸਾਂ ਵਿੱਚ ਫ਼ਸਾਉਣ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਸੀ.ਪੀ.ਆਈ. (ਐੱਮ.-ਐੱਲ.) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਤੇ ਦਰਸ਼ਨ ਸਿੰਘ ਖਟਕੜ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਕਿ ਐਨਆਈਏ (ਕੇਂਦਰੀ ਸੁਰੱਖਿਆ ਏਜੰਸੀ) ਨੇ ਚੰਡੀਗੜ੍ਹ ਤੇ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਬੀਤੇ ਦਿਨੀਂ ਛਾਪੇਮਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਵਕੀਲ ਅਜੇ ਸਿੰਗਲ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕਈ ਵਿਅਕਤੀਆਂ ਨੂੰ ਲਖਨਊ ਐਨਆਈਏ ਦੇ ਦਫ਼ਤਰ ਪੇਸ਼ ਹੋਣ ਲਈ ਨੋਟਿਸ ਦਿੱਤਾ ਹੈ। ਇਹ ਸਾਰੀ ਕਾਰਵਾਈ ਉੱਤਰ ਪ੍ਰਦੇਸ਼ ਵਿਚ ਦਰਜ ਇੱਕ ਸਾਲ ਪੁਰਾਣੇ ਕੇਸ ਵਿੱਚ ਕੀਤੀ ਹੈ।

ਉਸ ਕੇਸ ਵਿੱਚ ਅਮਨ ਨਾਮ ਦੇ ਵਿਅਕਤੀ ਨੂੰ ਉਰਫ ਬਣਾ ਕੇ ਅਜੇ ਸਿੰਗਲ ਦਾ ਨਾਮ ਜੋੜ ਦਿੱਤਾ ਹੈ, ਜਿਹੜਾ ਕਿਸੇ ਤਰੀਕੇ ਨਾਲ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨਆਈਏ ਨੇ ਵੱਡੀ ਗਿਣਤੀ ਵਿੱਚ ਘਰਾਂ ਵਿੱਚ ਛਾਪੇਮਾਰੀ ਕਰਕੇ ਦਹਿਸ਼ਤ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਕਾਰਵਾਈ ਕੇਂਦਰੀ ਹਕੂਮਤ ਵੱਲੋਂ ਹਾਕਮਾਂ ਖਿਲਾਫ ਬੋਲਣ ਵਾਲੇ ਲੋਕਾਂ ਦੀ ਜੁਬਾਨਬੰਦੀ ਹੈ। ਕੇਂਦਰੀ ਏਜੰਸੀਆਂ ਖਾਸ ਕਰ ਲਖਨਊ ਵਿੱਚ ਸਥਿਤ ਦਫਤਰ ਵੱਲੋਂ ਪੰਜਾਬ ਵਿੱਚ ਕੀਤੀ ਗਈ ਛਾਪੇਮਾਰੀ ਫੈਡਰਲ ਢਾਂਚੇ ‘ਤੇ ਹਮਲਾ ਹੈ। ਇਹ ਕਾਰਵਾਈ ਸੂਬੇ ਦੇ ਅਧਿਕਾਰਾਂ ਨੂੰ ਟਿੱਚ ਜਾਨਣ ਦੀ ਹੈ ਪ੍ਰੰਤੂ ਅਫ਼ਸੋਸਨਾਕ ਗੱਲ ਇਹ ਹੈ ਕਿ ਇਹਨਾਂ ਛਾਪੇਮਾਰੀਆਂ ਅਤੇ ਗਿਰਫਤਾਰੀਆਂ ਦੇ ਵਿੱਚ ਪੰਜਾਬ ਪੁਲਿਸ ਨੇ ਉਹਨਾਂ ਦਾ ਸਾਥ ਦਿੱਤਾ ਅਤੇ ਰੱਖਿਆ ਕੀਤੀ।

ਉਨ੍ਹਾਂ ਕਿਹਾ ਕਿ 2009 ਵਿੱਚ ਬਣੀ ਇਸ ਏਜੰਸੀ ਨੂੰ ਮੋਦੀ ਹਕੂਮਤ ਨੇ 2019 ਵਿੱਚ ਲੋਕ ਸਭਾ ਅੰਦਰ ਇੱਕ ਨਵੇਂ ਬਿੱਲ ਰਾਹੀਂ ਵੱਧ ਅਧਿਕਾਰ ਦੇ ਦਿੱਤੇ ਹਨ, ਜਿਸ ਤਹਿਤ ਇਹ ਕਿਸੇ ਨੂੰ ਵੀ ਦਹਿਸ਼ਤਗਰਦ, ਚਾਹੇ ਉਹ ਵਿਅਕਤੀ ਦੇਸ਼ ਵਿੱਚ ਬੈਠਾ ਹੈ ਚਾਹੇ ਵਿਦੇਸ਼ ਵਿੱਚ ਹੈ, ਐਲਾਨ ਕੇ ਉਸ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਦੇਸ਼ ਅੰਦਰ ਸਰਕਾਰ ਖਿਲਾਫ਼ ਕਿਸੇ ਵੀ ਉੱਠ ਰਹੇ ਸੰਘਰਸ਼ ਨੂੰ ਚਾਹੇ ਉਹ ਹੱਕੀ ਮੰਗਾਂ ਲਈ ਹੋਵੇ, ਨੂੰ ਕੁਚਲਣ ਦੇ ਅਧਿਕਾਰ ਦੇ ਦਿੱਤੇ ਹਨ। ਇਹ ਕਿਸੇ ਵੀ ਸੂਬੇ ਵਿੱਚ ਕਿਸੇ ਵੀ ਸਟੇਟ ਨੂੰ ਬਿਨਾਂ ਦੱਸੇ ਕਾਰਵਾਈ ਕਰ ਸਕਦੀ ਹੈ। ਇਸ ਤੋਂ ਇਲਾਵਾ ਇਸ ਏਜੰਸੀ ਦੀ ਕੋਰਟ ਵੀ ਵੱਖਰੀ ਹੋਵੇਗੀ ਤੇ ਕੇਸ ਵੀ ਵੱਖਰਾ ਚਲੇਗਾ, ਜਿਹੜਾ ਕਿ ਪਹਿਲਾਂ ਤੋਂ ਸਥਾਪਿਤ ਨਿਆਇਕ ਢਾਂਚੇ ਨੂੰ ਵੀ ਚੈਲੇੰਜ ਹੈ।

ਪਾਰਟੀ ਨੇ ਮੰਗ ਕੀਤੀ ਹੈ ਕਿ ਐਨਆਈਏ ਨੂੰ ਤੁਰੰਤ ਖਤਮ ਕੀਤਾ ਜਾਵੇ ਤਾਂ ਕਿ ਸੂਬੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ, ਗ੍ਰਿਫ਼ਤਾਰ ਵਿਅਕਤੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਪੁੱਛਗਿਛ ਲਈ ਬੁਲਾਏ ਗਏ ਵਿਅਕਤੀਆਂ ਨੂੰ ਭੇਜੇ ਨੋਟਿਸਾਂ ਉੱਤੇ ਤੁਰੰਤ ਰੋਕ ਲਗਾਈ ਜਾਵੇ। ਅੱਗੇ ਤੋਂ ਕਿਸੇ ਵੀ ਕੇਂਦਰੀ ਏਜੰਸੀ ਵਲੋਂ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਸਿੱਧੇ ਦਾਖਲੇ ਉੱਪਰ ਪਾਬੰਦੀ ਲਗਾਈ ਜਾਵੇ।

ਪਾਰਟੀ ਦੀ ਸੂਬਾ ਕਮੇਟੀ ਨੇ ਪੰਜਾਬ ਦੇ ਇਨਕਲਾਬੀ, ਇਨਸਾਫ਼ਪਸੰਦ ਲੋਕਾਂ ਅਤੇ ਜਮਹੂਰੀ ਹੱਕਾਂ ਦੀ ਰਾਖੀ ਕਰਨ ਵਾਲੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ 6 ਸਤੰਬਰ ਨੂੰ ਜ਼ਿਲਾ ਪੱਧਰੀ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਰਾਸ਼ਟਰਪਤੀ ਤੋਂ ਆਪਣੀ ਅਧਿਕਾਰਾਂ ਦੀ ਰਾਖੀ ਦੀ ਮੰਗ ਕਰਨ।

 

Leave a Reply

Your email address will not be published. Required fields are marked *