Punjab News: ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ‘ਤੇ FIR ਦਰਜ ਕਰਨ ਦੀ ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਕੀਤੀ ਸਖਤ ਸ਼ਬਦਾਂ ‘ਚ ਨਿਖੇਧੀ
ਪੰਜਾਬ ਨੈੱਟਵਰਕ, ਕੋਟਕਪੂਰਾ
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ) ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਰੈਲੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਰਹੇ ਫਰੰਟ ਦੇ ਸਮੂਹ ਆਗੂਆਂ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਝੂਠਾ ਮੁੱਕਦਮਾ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਜਥੇਬੰਦੀ ਦੇ ਸੂਬਾ ਸਰਪਰਸਤ ਚਰਨ ਸਿੰਘ ਸਰਾਭਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਮੁੱਖ ਸਲਾਹਕਾਰ ਗੁਰਮੇਲ ਸਿੰਘ ਮੈਲਡੇ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ ਤੇ ਜਗਤਾਰ ਸਿੰਘ ਭੁੰਗਰਨੀ , ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸ਼ਨਲ ਜਨਰਲ ਸਕੱਤਰ ਸਤਿਆਪਾਲ ਗੁਪਤਾ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸ਼ਹਿ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਫਰੰਟ ਦੀ ਸੂਬਾਈ ਲੀਡਰਸ਼ਿਪ ਨੂੰ ਡਰਾਉਣ ਅਤੇ ਧਮਕਾਉਣ ਦੇ ਇਰਾਦੇ ਨਾਲ ਇਹ ਝੂਠਾ ਮੁਕਦਮਾ ਦਰਜ ਕਰਵਾਇਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਝੂਠਾ ਪਰਚਾ ਦਰਜ ਕਰਨ ਸਮੇਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੈਟਰ ਪੈਡ ਤੇ ਲਿਖੇ ਗਏ ਸਾਰੇ ਨਾਵਾਂ ਨੂੰ ਹੀ ਆਧਾਰ ਬਣਾ ਲਿਆ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਆਪਣੇ ਜਥੇਬੰਦਕ ਰਝੇਵਿਆਂ ਕਾਰਨ ਸੂਬੇ ਤੋਂ ਬਾਹਰ ਵਿਸਾਖਾਪਟਨਮ ਵਿਖੇ ਗਏ ਹੋਏ ਸਨ ਤੇ ਇਸ ਰੈਲੀ ਦਾ ਹਿੱਸਾ ਨਹੀਂ ਸਨ, ਚੰਡੀਗੜ੍ਹ ਪ੍ਰਸ਼ਾਸਨ ਨੇ ਉਹਨਾਂ ਦਾ ਨਾਂ ਵੀ ਪਰਚੇ ਵਿੱਚ ਦਰਜ ਕਰ ਦਿੱਤਾ ਹੈ।
ਆਗੂਆਂ ਨੇ ਅੱਗੇ ਕਿਹਾ ਕਿ ਅਜਿਹੇ ਝੂਠੇ ਮੁੱਕਦਮੇ ਦਰਜ਼ ਹੋਣ ਨਾਲ ਪੰਜਾਬ ਸਰਕਾਰ ਦੇ ਵਿਰੁੱਧ ਚੱਲ ਰਿਹਾ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਮੱਠਾ ਪੈਣ ਦੀ ਬਜਾਏ ਹੋਰ ਤਿੱਖਾ ਹੋਵੇਗਾ ਅਤੇ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਮਜਬੂਰ ਕਰੇਗਾ । ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂਆਂ ਨੇ ਮੰਗ ਕੀਤੀ ਕਿ ਇਹ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ।
ਆਗੂਆਂ ਨੇ ਇਸ ਤੋਂ ਇਲਾਵਾ ਕੱਲ ਅਧਿਆਪਕ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਸੰਗਰੂਰ ਪੁਲਿਸ ਵੱਲੋਂ ਕੀਤੇ ਅੰਨ੍ਹੇ ਲਾਠੀਚਾਰਜ ਦੀ ਸਖਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਕੀਤੀ ਹੈ।