ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ
ਮਨੀਪੁਰ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਉੱਤੇ ਅੱਥਰੂ ਗੈਸ/ਲਾਠੀਚਾਰਜ ਦੀ ਨਿਖੇਧੀ
ਦਲਜੀਤ ਕੌਰ, ਚੰਡੀਗੜ੍ਹ
ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 10 ਤੋਂ 12 ਸਤੰਬਰ ਤੱਕ ਸਮੂਹਕ ਛੁੱਟੀ ਰਾਹੀਂ ਹੜਤਾਲ ਕਰਨ ਦੇ ਸੰਘਰਸ਼ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਐਲਾਨ ਕਰਦਿਆਂ ਜਥੇਬੰਦੀ ਦੇ ਸਮੂਹ ਆਗੂਆਂ ਨੂੰ ਕਿਹਾ ਗਿਆ ਹੈ ਕਿ ਹੜਤਾਲੀ ਕਾਮਿਆਂ ਦੀਆਂ ਗੇਟ ਰੈਲੀਆਂ ਵਿੱਚ ਕਿਸਾਨ ਕਾਫਲੇ ਸ਼ਾਮਲ ਕਰਕੇ ਹਮਾਇਤ ਨੂੰ ਅਮਲੀ ਰੂਪ ਦਿੱਤਾ ਜਾਵੇ।
ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਅਧਿਕਾਰੀਆਂ ਉੱਤੇ ਦੋਸ਼ ਲਾਇਆ ਕਿ ਬਿਜਲੀ ਸਪਲਾਈ ਦੇ ਨੁਕਸਾਂ ਨੂੰ ਠੀਕ ਕਰਨ ਵਾਲੇ ਕਾਮਿਆਂ ਨੂੰ ਪੂਰਾ ਸੁਰੱਖਿਆ ਸਾਮਾਨ ਨਾ ਦੇਣ ਕਰਕੇ ਉਹ ਆਏ ਦਿਨ ਮਾਰੂ ਹਾਦਸਿਆਂ ਰਾਹੀਂ ਮੌਤਾਂ ਅਤੇ ਅੰਗਹੀਣਤਾ ਦਾ ਸ਼ਿਕਾਰ ਹੋ ਰਹੇ ਹਨ। ਇਸਤੋਂ ਇਲਾਵਾ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਇਨ੍ਹਾਂ ਕਾਮਿਆਂ ਸਮੇਤ ਆਮ ਖਪਤਕਾਰਾਂ ਨੂੰ ਹੋਰ ਅਨੇਕਾਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਹੜਤਾਲੀ ਬਿਜਲੀ ਕਾਮਿਆਂ ਦੀਆਂ ਭਖਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਆਪਣਾ ਬਿਆਨ ਜਾਰੀ ਰੱਖਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮਨੀਪੁਰ ਗਵਰਨਰ ਹਾਊਸ ਵੱਲ ਜਾ ਰਹੇ ਲੋਕਾਂ ਉੱਤੇ ਲਾਠੀਆਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਬੋਲੇ ਗਏ ਜਾਬਰ ਪੁਲੀਸ ਹੱਲੇ ਰਾਹੀਂ 40 ਤੋਂ ਵੱਧ ਵਿਦਿਆਰਥੀਆਂ ਨੂੰ ਸਖਤ ਜ਼ਖ਼ਮੀ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ।
ਇਹ ਲੋਕ ਸੂਬੇ ਵਿੱਚ ਫਿਰਕਾਪ੍ਰਸਤ ਦਹਿਸ਼ਤਗਰਦਾਂ ਵੱਲੋਂ ਕੀਤੇ ਜਾ ਰਹੇ ਕਾਤਲਾਨਾ ਡ੍ਰੋਨ ਹਮਲੇ ਰੋਕਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਜਨਤਕ ਪ੍ਰਦਰਸ਼ਨ ਕਰ ਰਹੇ ਸਨ। ਸੂਬੇ ਅੰਦਰ ਪੰਜ ਦਿਨਾਂ ਲਈ ਕਰਫਿਊ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਵੱਲੋਂ ਇਹ ਸੇਵਾਵਾਂ ਤੁਰੰਤ ਬਹਾਲ ਕਰਨ ਅਤੇ ਪੁਲਿਸ ਜਬਰ ਰੋਕਣ ਦੀ ਮੰਗ ਕੀਤੀ ਗਈ ਹੈ।