All Latest NewsNews FlashPunjab News

Punjab News: ਡਾਕਟਰਾਂ ਤੇ ਮੈਡੀਕਲ ਕਰਮਚਾਰੀਆਂ ਖ਼ਿਲਾਫ਼ ਵੱਧ ਰਹੀ ਹਿੰਸਾ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

 

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਮੈਡੀਕਲ ਕਰਮਚਾਰੀਆਂ, ਡਾਕਟਰਾਂ ਖ਼ਿਲਾਫ਼ ਵੱਧ ਰਹੀ ਹਿੰਸਾ ਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੀ ਮੌਜੂਦ ਸਨ।

ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕਰਨ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ’ਤੇ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ਨਾਲ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਹੁੰਦੀ ਹੈ, ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮਹੀਨਾਵਾਰ ਮੀਟਿੰਗ ਵੀ ਕਰੇਗਾ।

ਡਿਪਟੀ ਕਮਿਸ਼ਨਰ ਨੇ ਬੋਰਡ ਮੈਂਬਰਾਂ ਨੂੰ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਸ਼ਨ ਆਫ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008 ਨੂੰ ਲਾਗੂ ਕਰਨ ਸੰਬੰਧੀ ਜ਼ਿਲ੍ਹਾ ਸਿਹਤ ਬੋਰਡ ਮੈਂਬਰਾਂ ਨਾਲ਼ ਵਿਚਾਰ ਵਟਾਂਦਰਾ ਕੀਤਾ। ਸਾਰੀਆਂ ਸਿਹਤ ਸਹੂਲਤਾਂ ‘ਤੇ ਸੁਰੱਖਿਆ ਪ੍ਰਬੰਧਾਂ, ਸੀਸੀਟੀਵੀ ਕੈਮਰੇ ਲਗਾਉਣ ਅਤੇ ਢੁੱਕਵੀਂ ਰੋਸ਼ਨੀ ਸਮੇਤ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਤੇ ਲੋੜੀਂਦੇ ਪ੍ਰਬੰਧਾਂ ਸੰਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਸਿਹਤ ਸਹੂਲਤ ਦੇ ਇੰਚਾਰਜ ਦੀ ਅਗਵਾਈ ਵਿੱਚ ਪੰਜ ਮੈਂਬਰੀ ਅੰਦਰੂਨੀ ਕਮੇਟੀ ਗਠਿਤ ਕਰਨ ਅਤੇ ਇਸ ਕਮੇਟੀ ਵਿੱਚ ਤਿੰਨ ਮਹਿਲਾ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਰੀਜ਼ਾਂ ਨੂੰ ਡਾਕਟਰਾਂ ਜਾਂ ਸਿਹਤ ਸੰਭਾਲ ਪੇਸ਼ੇਵਰਾਂ ਵੱਲੋਂ ਦਿੱਤੇ ਜਾਂਦੇ ਇਲਾਜ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਪਹੁੰਚ ਕਰ ਸਕਦੇ ਹਨ ਅਤੇ ਇਸ ਕਮੇਟੀ ਵੱਲੋਂ ਲੋੜੀਂਦੀ ਕਾਰਵਾਈ ਲਈ ਮਾਮਲੇ ਦੀ ਢੁੱਕਵੀਂ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਬੋਰਡ ਕਮੇਟੀ ਵਿੱਚ ਐੱਸ.ਐੱਸ.ਪੀ. ਫ਼ਿਰੋਜ਼ਪੁਰ, ਸਿਵਲ ਸਰਜਨ ਫਿਰੋਜ਼ਪੁਰ, ਜ਼ਿਲ੍ਹਾ ਪੀ.ਸੀ.ਐੱਮ.ਐੱਸ. ਐਸੋਸ਼ੀਏਸ਼ਨ ਦੇ ਪ੍ਰਧਾਨ, ਜ਼ਿਲ੍ਹਾ ਆਈ.ਐੱਮ.ਏ. ਪ੍ਰਧਾਨ ਦੇ ਨੁਮਾਇੰਦੇ, ਪੈਰਾ ਮੈਡੀਕਲ ਸਟਾਫ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਰ ਮੈਂਬਰ ਵਜੋਂ ਜ਼ਿਲ੍ਹਾ ਅਟਾਰਨੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਬੋਰਡ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਸਬੰਧੀਂ ਸਾਰੀਆਂ ਸਿਹਤ ਸੰਸਥਾਵਾਂ ਤੇ ਫਲੈਕਸ ਬੋਰਡ ਲਗਾਏ ਜਾ ਰਹੇ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਸਿਵਲ ਹਸਪਤਾਲ ਫਿਰੋਜ਼ਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁੱਪਤਾ, ਡੀ.ਐਸ.ਪੀ. ਨਵੀਨ ਕੁਮਾਰ, ਉਪ ਜ਼ਿਲ੍ਹਾ ਅਟਾਰਨੀ ਅਮਿਤ ਗੋਕਲਾਨੀ, ਪ੍ਰਧਾਨ ਆਈ ਐਮ ਏ ਡਾ. ਜਤਿੰਦਰ ਕੋਛੜ, ਪੀ.ਸੀ.ਐਮ.ਐਸ. ਦੇ ਜਨਰਲ ਸਕੱਤਰ ਡਾ. ਯੁਗਪ੍ਰੀਤ ਸਿੰਘ, ਡਾ. ਨਵੀਨ ਸੇਠੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਸਮਾਜ ਸੇਵੀ ਸੰਸਥਾਵਾਂ ਤੋਂ ਪ੍ਰਵੀਨ ਕੁਮਾਰ, ਦੀਵਾਨ ਚੰਦ ਅਤੇ ਕਿਸ਼ਨ ਚੰਦ ਜਾਗੋਵਾਲੀਆ ਅਤੇ ਵਿਕਾਸ ਕਾਲੜਾ ਵੀ ਹਾਜ਼ਰ ਸਨ।

 

Leave a Reply

Your email address will not be published. Required fields are marked *