All Latest NewsBusinessNews FlashPunjab News

ਠੇਕਾ ਕਾਮਿਆਂ ਨੂੰ ਗ੍ਰਿਫਤਾਰ ਕਰਨ ਦੀ ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਨਿਖੇਧੀ

 

ਪੰਜਾਬ ਨੈੱਟਵਰਕ, ਖਰੜ-

ਟੈਕਨੀਕਲ ਸਰਵਿਸਜ ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਅਤੇ ਸਹਾਇਕ ਸਕੱਤਰ/ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ, ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ਤੇ ਆਪਣੀਆਂ ਹੱਕੀ ਦੇ ਜਾਇਜ਼ ਮੰਗਾਂ ਮਨਵਾਉਣ ਲਈ ਖਰੜ ਵਿਖੇ ਧਰਨਾ ਦੇਣ ਜਾ ਰਹੇ ਠੇਕਾ ਕਾਮਿਆਂ ਨੂੰ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਆਗੂਆਂ ਨੇ ਦੱਸਿਆ ਕਿ ਪਾਵਰਕੌਮ ਅੰਦਰ ਪਿਛਲੇ ਲੰਮੇ ਸਮੇਂ ਤੋਂ ਠੇਕਾ ਕਾਮੇ ਆਊਟਸੋਰਸਡ ਦੇ ਰੂਪ ਵਿੱਚ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਬਿਜਲੀ ਹਾਦਸਿਆਂ ਦੌਰਾਨ ਤਿੰਨ ਮਹੀਨੇ ਦੇ ਸਮੇਂ ਵਿੱਚ ਹੀ 20 ਕਾਮੇ ਮੌਤ ਦੇ ਮੂੰਹ ਜਾ ਚੁੱਕੇ ਹਨ।

ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਠੇਕਾ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਦੇ ਲਾਰੇ ਲਾਏ ਜਾਂਦੇ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਵੀ ਸੱਤਾ ਚ ਆਉਣ ਤੋਂ ਪਹਿਲਾਂ ਇਹਨਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ।

ਪਰ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਿਆਂ ਨਾਲ ਟਾਈਮ ਟਪਾਉਣ ਵਾਲੀ ਹੀ ਨਿਕਲੀ ਹੈ। ਨੀਤੀ ਪੱਧਰ ਤੇ ਇਸ ਸਰਕਾਰ ਦਾ ਵੀ ਪਹਿਲੀਆਂ ਸਰਕਾਰਾਂ ਨਾਲੋਂ ਕੋਈ ਵਖਰੇਵਾ ਨਹੀਂ ਹੈ।

ਹੁਣ ਜਦੋਂ ਆਪਣੀਆਂ ਮੰਗਾਂ ਦੀ ਖਾਤਰ ਠੇਕਾ ਕਾਮੇ ਪੂਰੇ ਪੰਜਾਬ ਵਿੱਚੋਂ ਖਰੜ ਵਿਖੇ ਧਰਨਾ/ ਮੁਜ਼ਾਹਰਾ ਕਰਨ ਜਾ ਰਹੇ ਸਨ ਤਾਂ ਉਹਨਾਂ ਦੀਆਂ ਮੰਗਾਂ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਬਜਾਏ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਸਰਕਾਰ ਦੇ ਇਸ ਲੋਕਤੰਤਰ ਦਾ ਗਲਾ ਘੁੱਟਣ ਦੀ ਕੀਤੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਗ੍ਰਿਫਤਾਰ ਕੀਤੇ ਠੇਕਾ ਕਾਮਿਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।

ਠੇਕਾ ਕਾਮਿਆਂ ਨੂੰ ਮੀਟਿੰਗ ਦੇ ਕੇ ਗੱਲਬਾਤ ਰਾਹੀਂ ਉਹਨਾਂ ਦੇ ਮੰਗਾਂ ਮਸਲਿਆਂ ਦਾ ਹੱਲ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਰੈਗੂਲਰ ਮੁਲਾਜ਼ਮ ਜਥੇਬੰਦੀਆਂ ਵੀ ਠੇਕਾ ਕਾਮਿਆਂ ਦੀ ਹਿਮਾਇਤ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਲੜਾਈ ਦੇ ਮੈਦਾਨ ਵਿੱਚ ਨਿਤਰਨਗੀਆਂ।

 

Leave a Reply

Your email address will not be published. Required fields are marked *