ਸਿੱਖਿਆ ਵਿਭਾਗ ਵੱਲੋਂ ਬਣਾਈ “ਸਿੱਖਿਆ ਕਮੇਟੀ” ਨਾਲ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਹੋਈ ਅਹਿਮ ਮੀਟਿੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ
ਬੀਤੇ ਸੋਮਵਾਰ ਨੂੰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਬਣਾਈ ਗਈ “ਸਿੱਖਿਆ ਕਮੇਟੀ” ਨਾਲ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਵਿੱਚ “ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ” ਦੀ ਇੱਕ ਅਹਿਮ ਮੀਟਿੰਗ ਹੋਈ।
ਇਹ ਮੀਟਿੰਗ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਬਤੌਰ ਮੈਂਬਰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ ਸਿੱਖਿਆ) ਪੰਜਾਬ, ਲਾਅ ਅਫਸਰ ਸਕੂਲ ਸਿੱਖਿਆ ਵਿਭਾਗ ਪੰਜਾਬ, ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਸਕੂਲ ਸਿੱਖਿਆ ਵਿਭਾਗ, ਸਿੱਖਿਆ ਬ੍ਰਾਂਚ-5 (ਸੈਕੰਡਰੀ ਸਿੱਖਿਆ) ਆਦਿ ਇਸ ਮੀਟਿੰਗ ਵਿੱਚ ਸ਼ਾਮਲ ਸਨ।
ਸਿੱਖਿਆ ਵਿਭਾਗ ਵੱਲੋਂ ਬਣਾਈ ਗਈ “ਸਿੱਖਿਆ ਕਮੇਟੀ” ਵੱਲੋਂ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ ਅਤੇ ਹੋਰ ਸਾਰੀਆਂ ਸਬੰਧਤ ਧਿਰਾਂ ਨੂੰ ਇਕੱਠੇ ਬਿਠਾਕੇ ਸੁਣਿਆ ਗਿਆ ਅਤੇ ਭਰਤੀ ਸਬੰਧੀ ਵੱਖ-ਵੱਖ ਮੁੱਦਿਆਂ ਤੇ ਲੰਬੀ ਵਿਚਾਰ ਚਰਚਾ ਕਰਨ ਉਪਰੰਤ ਫੈਸਲਾ ਰਾਖਵਾਂ ਰੱਖ ਲਿਆ ਗਿਆ।
ਜ਼ਿਕਰਯੋਗ ਹੈ ਕਿ ਮਿਤੀ:-11.09.2024 ਨੂੰ ਬੇਰੁਜ਼ਗਾਰ ਸਾਂਝਾ ਮੋਰਚਾ ਤਹਿਤ “ਕੈਬਨਿਟ ਸਬ ਕਮੇਟੀ” ਨਾਲ ਸੂਬਾ ਪ੍ਰਧਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ” ਅਤੇ ਸੂਬਾ ਕਨਵੀਨਰ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ) ਦੀ ਪੈਨਲ ਮੀਟਿੰਗ ਹੋਈ ਸੀ ਜਿਸ ਵਿੱਚ ਯੂਨੀਅਨ ਆਗੂਆਂ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ 42 ਹਜ਼ਾਰ ਨੌਕਰੀਆਂ ਦੇਣ ਦੇ ਝੂਠੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਵੱਲੋਂ ਲਗਾਤਾਰ ਡੰਗ ਟਪਾਊ ਨੀਤੀ ਤਹਿਤ ਕੰਮ ਕਰ ਰਹੀ ਹੈ ਤੇ ਜਾਣਬੁੱਝ ਕੇ 250 ਭਰਤੀ ਨੂੰ ਲਟਕਾਇਆ ਜਾ ਰਿਹਾ ਹੈ।
“ਕੈਬਨਿਟ ਸਬ ਕਮੇਟੀ” ਵੱਲੋਂ ਯੂਨੀਅਨ ਆਗੂਆਂ ਨੂੰ ਸਾਂਤ ਕਰਨ ਲਈ ਸਿੱਖਿਆ ਸਕੱਤਰ ਸਕੂਲ ਸਿੱਖਿਆ ਵਿਭਾਗ ਨੂੰ “ਸਿੱਖਿਆ ਕਮੇਟੀ” ਬਣਾਉਣ ਦੇ ਆਦੇਸ਼ ਦਿੱਤੇ ਗਏ ਸੀ ਤਾਂ ਜੋ ਇਹਨਾਂ ਦੇ ਮੁੱਦੇ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਇੱਕ “ਸਿੱਖਿਆ ਕਮੇਟੀ” ਬਣਾਕੇ ਹੱਲ ਕੱਢਿਆ ਜਾਵੇ।
ਸਿੱਖਿਆ ਵਿਭਾਗ ਵੱਲੋਂ ਦਿਨ ਸੋਮਵਾਰ ਨੂੰ 11 ਵਜੇ ਵਿੱਦਿਆ ਭਵਨ ਐੱਸ ਏ ਐੱਸ ਨਗਰ ਪੰਜਵੀਂ ਮੰਜ਼ਿਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਦੇ ਦਫ਼ਤਰ ਵਿਖੇ ਸਾਰੀਆਂ ਸਬੰਧਤ ਧਿਰਾਂ ਨੂੰ ਬੁਲਾਉਣ ਲਈ ਇੱਕ ਪੱਤਰ ਵੀ ਜਾਰੀ ਕੀਤਾ ਗਿਆ। ਸੋਮਵਾਰ ਨੂੰ ਇਹ ਮੀਟਿੰਗ ਹੋਈ ਸਾਰੇ ਪੱਖਾਂ ਨੂੰ ਸੁਣਕੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।