ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੰਗਰੂਰ ਮੋਰਚੇ ‘ਚ ਅੰਮ੍ਰਿਤਸਰ ਦੀ ਕਰਵਾਈ ਜਾਵੇਗੀ ਭਰਵੀਂ ਸ਼ਮੂਲੀਅਤ
ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਨਾ ਕਰਨ ਲਈ ਸੂਬਾਈ ਮੰਤਰੀਆਂ ਤੇ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਵੇਗਾ ਜ਼ਾਰੀ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਸੂਬਾ ਕਾਰਜਕਾਰਨੀ ਦੇ ਫੈਸਲੇ ਅਨੁਸਾਰ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਬਹਾਲ ਕਰਵਾਉਣ ਹਿੱਤ ਸੂਬੇ ਦੇ ਕੈਬਨਟ ਮੰਤਰੀ ਅਤੇ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜ਼ਾਰੀ ਕਰਨ ਅਤੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 1 ਤੋਂ 3 ਅਕਤੂਬਰ ਤੱਕ ਲਗਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨ ਪ੍ਰਾਪਤੀ ਮੋਰਚੇ ਸਬੰਧੀ ਜਿਲ੍ਹਾ ਅੰਮ੍ਰਿਤਸਰ ਦੇ ਫਰੰਟ ਦੀ ਇੱਕ ਹੰਗਾਮੀ ਮੀਟਿੰਗ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਜਿਸ ਵਿੱਚ ਉਪਰੋਕਤ ਏਜੰਡਿਆਂ ਨੂੰ ਲੈ ਕੇ ਜਿਲ੍ਹੇ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਦੀ ਵਿਸਥਾਰਤ ਚਰਚਾ ਅਤੇ ਲਾਮਬੰਦੀ ਕੀਤੀ ਗਈ। ਮਾਝਾ ਜ਼ੋਨ ਕੰਵੀਨਰ ਗੁਰਬਿੰਦਰ ਸਿੰਘ ਖਹਿਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਵਿੱਚ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਵਿਧਾਇਕਾਂ ਤੇ ਐਮ.ਐਲ.ਏ ਨੂੰ ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਕਰਨ ਦਸੋ ਨੋਟਿਸ ਜਾਰੀ ਕੀਤੇ ਜਾਣਗੇ।
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਸੁਖਜਿੰਦਰ ਸਿੰਘ, ਨਿਰਮਲ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ , ਮੈਡਮ ਕੰਵਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਲਗਭਗ ਦੋ ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਅੰਦਰ ਨਵੀਂ ਪੈਨਸ਼ਨ ਸਕੀਮ ਨੂੰ ਬੰਦ ਕਰਕੇ ਦੁਬਾਰਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਬਾਰੇ ਫੋਕਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ।
ਪਰ ਲਗਭਗ ਢਾਈ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਅੰਦਰ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ। ਸਰਕਾਰ ਦੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਐਲਾਨ ਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਪੰਜਾਬ ਦੇ ਸਰਕਾਰੀ ਵਿਭਾਗ ਅਧੀਨ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ,ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦਾ ਜੀ.ਪੀ.ਐਫ ਕੱਟਣਾ ਸ਼ੁਰੂ ਕੀਤਾ ਜਾਵੇ।
ਆਗੂਆਂ ਮਨਪ੍ਰੀਤ ਸਿੰਘ, ਨਰੇਸ਼ ਕੁਮਾਰ, ਕਵਲਜੀਤ ਸਿੰਘ, ਬਿਕਰਮਜੀਤ ਸਿੰਘ, ਜੁਝਾਰ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਗੁਰਕਿਰਪਾਲ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਵਰਨਾਲੀ, ਵਿਸ਼ਾਲ ਲਛਮਣਸਰ, ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪ੍ਰਸਤਾਵਿਤ ਯੂ.ਪੀ.ਐਸ ਸਕੀਮ ਵਿੱਚ ਪੁਰਾਣੀ ਪੈਨਸ਼ਨ ਦੇ ਲਾਭਕਾਰੀ ਮੱਦਾਂ ਨੂੰ ਸ਼ਾਮਿਲ ਕੀਤੇ ਜਾਣਾ ਮੁਲਾਜ਼ਮ ਸੰਘਰਸ਼ਾਂ ਦੀ ਅੰਸ਼ਕ ਪ੍ਰਾਪਤੀ ਜਰੂਰ ਹੈ, ਪਰ ਇਹ ਨਵੀਂ ਪੈਨਸ਼ਨ ਯੋਜਨਾ ਓ.ਪੀ.ਐਸ ਦੀ ਅਧੂਰੀ ਨਕਲ ਹੈ ਜਿਸ ਕਾਰਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਹੋਰ ਵੀ ਭਖਵੇ ਰੂਪ ਵਿੱਚ ਉਠਾਣਾ ਸਮੇਂ ਦੀ ਲੋੜ ਬਣ ਗਈ ਹੈ। ਯੂ.ਪੀ.ਐਸ ਉਤੇ ਪੰਜਾਬ ਸਰਕਾਰ ਦਾ ਕੋਈ ਪ੍ਰਤੀਕਰਮ ਨਾ ਆਉਣਾ ਪੁਰਾਣੀ ਪੈਨਸ਼ਨ ਦੀ ਨਿਕਟ ਸਮੇਂ ਵਿੱਚ ਬਹਾਲੀ ਕੀਤੇ ਜਾਣ ਸਬੰਧੀ ਆਪ ਸਰਕਾਰ ਦੀ ਨੀਅਤ ਉੱਤੇ ਗੰਭੀਰ ਸ਼ੰਕੇ ਖੜੇ ਕਰਦਾ ਹੈ।