All Latest NewsGeneralNews FlashPunjab NewsTop BreakingTOP STORIES

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! 70 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਥਾਣੇਦਾਰ ਅਤੇ ਪਟਵਾਰੀ ਸਮੇਤ ਤਿੰਨ ਗ੍ਰਿਫਤਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *