ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦਾ ਵੱਡਾ ਐਲਾਨ, 25 ਸਤੰਬਰ ਨੂੰ ਘੇਰਨਗੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼
ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਮਸਲੇ ਹੱਲ ਨਾ ਹੋਣ ਕਰਕੇ ਮੁਲਾਜ਼ਮਾਂ ਦਾ ਰੋਹ ਵਧਿਆ
ਪੰਜਾਬ ਨੈੱਟਵਰਕ, ਮੋਹਾਲੀ
ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀਂ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੇਵਿਟ ਵੀ ਦਿੱਤਾ ਸੀ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਦਾਰਾ ਸਿੰਘ, ਕੁਲਨਾਇਕ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਦੂਰ ਕਰਨ ਦੇ ਫ਼ੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀਂ ਕੀਤੀ।
ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖ਼ਾਹ ਕਟੌਤੀ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ਵਿਚ ਮੰਗਾਂ ਨੂੰ ਜਾਇਜ਼ ਮੰਨਦੇ ਹਨ ਪਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀਂ ਹੁੰਦੀ।
ਸਰਕਾਰ ਵੱਲੋਂ ਜਥੇਬੰਦੀ ਨੂੰ ਮਿਤੀ 12 ਸਤੰਬਰ 2024 ਨੂੰ ਕੈਬਿਨਟ ਸਬ ਕਮੇਟੀ ਨਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਸਮਾਂ ਦਿੱਤਾ ਸੀ ਪਰੰਤੂ ਉਸ ਮੀਟਿੰਗ ਵਿਚ ਵਿੱਤ ਮੰਤਰੀ ਸ਼ਾਮਿਲ ਨਹੀਂ ਹੋਏ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਵੱਲੋਂ ਮਾਮਲਾ ਵਿੱਤ ਮੰਤਰੀ ਤੇ ਹੀ ਸੁੱਟਿਆ ਗਿਆ ਅਤੇ ਕਿਹਾ ਗਿਆ ਕਿ ਜਲਦ ਹੀ ਪੂਰੀ ਕੈਬਿਨਟ ਸਬ ਕਮੇਟੀ ਜਿਸ ਵਿਚ ਕੈਬਿਨਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਸ਼ਾਮਿਲ ਹਨ ਨਾਲ ਮੀਟਿੰਗ ਕਰਵਾਈ ਜਾਵੇਗੀ ਪਰੰਤੂ 10 ਦਿਨ ਬੀਤਣ ਦੇ ਬਾਵਜੂਦ ਵੀ ਮੀਟਿੰਗ ਦਾ ਕੋਈ ਸੁਨੇਹਾ ਨਹੀਂ ਮਿਲਿਆ।
ਸਰਕਾਰ ਅਤੇ ਅਫ਼ਸਰਸ਼ਾਹੀ ਵਾਰ ਵਾਰ ਫੋਕੀਆਂ ਮੀਟਿੰਗਾਂ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ ਮੰਗਾਂ ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਿਨਟ ਸਬ ਕਮੇਟੀ ਦੇ ਮੈਂਬਰ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਊ ਕਰਨਗੇ ਅਤੇ ਮੰਗਾਂ ਦਾ ਹੱਲ ਹੋਣ ਤੇ ਹੀ ਧਰਨਾ ਖ਼ਤਮ ਕੀਤਾ ਜਾਵੇਗਾ।