Punjab News: ਠੇਕਾ ਮੁਲਾਜ਼ਮਾਂ ਨੇ CM ਭਗਵੰਤ ਮਾਨ ਦਾ ਕੀਤਾ ਕਾਲੇ ਝੰਡਿਆਂ ਨਾਲ਼ ਵਿਰੋਧ

All Latest NewsNews FlashPunjab News

 

ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ

ਪੰਜਾਬ ਨੈੱਟਵਰਕ, ਰਾਮਪੁਰਾ/ਚਾਉਕੇ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿੰਡ ਚਾਉਕੇ ਵਿਖੇ ਪਹੁੰਚਣ ਤੇ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ। ਇਸ ਸਮੇਂ ਹਾਜ਼ਿਰ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।

ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ ਵਾਰ-ਵਾਰ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਕੇ ਮੀਟਿੰਗ ਕਰਨ ਦਾ ਸਮਾਂ ਵਾਰ-ਵਾਰ ਬਦਲਿਆ ਜਾ ਰਿਹਾ ਹੈ।

ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋੰ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਹੈ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *