ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ 25 ਸਤੰਬਰ ਅਤੇ 1 ਅਕਤੂਬਰ ਨੂੰ ਤਨਖ਼ਾਹਾਂ ਸਮੇਤ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਸੂਚੀ ਵਿੱਚ ਵੋਟਰ ਵਜੋਂ ਦਰਜ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ (ਯੂਟੀ) ਦੇ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਵੋਟਰਾਂ, ਜੋ ਪੰਜਾਬ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ, ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰ ਰਹੇ ਹਨ, ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਦੇ ਉਪਬੰਧ ਅਨੁਸਾਰ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।