ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, 2320 ਰੁਪਏ ਪ੍ਰਤੀ ਕੁਇੰਟਲ MSP ਤੈਅ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (MSP ) ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।