ਪੰਜਾਬ ‘ਚ ਸਰਪੰਚੀ ਕਰੋੜਾਂ ਦੀ! ਚੋਣ ਕਮਿਸ਼ਨਰ ਨੇ ਸਾਰੇ DCs ਨੂੰ 24 ਘੰਟਿਆਂ ‘ਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਤ੍ਰਿਤ ਰਿਪੋਰਟ ਪੇਸ਼ ਕਰਨ।