ਪੰਜਾਬ ਭਰ ‘ਚ ਵਿਧਾਇਕਾਂ, ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ BKU ਉਗਰਾਹਾਂ ਵੱਲੋਂ ਪੱਕੇ ਮੋਰਚੇ ਸ਼ੁਰੂ
ਝੋਨੇ ਦੀ ਨਿਰਵਿਘਨ ਖਰੀਦ ਲਈ 12 ਜ਼ਿਲ੍ਹਿਆਂ ਵਿੱਚ 17 ਐੱਮ ਐੱਲ ਏ, 6 ਮੰਤਰੀਆਂ ਅਤੇ 2 ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਹੋਰ ਪੱਕੇ ਮੋਰਚੇ ਸ਼ੁਰੂ, 25 ਟੌਲ ਪਲਾਜ਼ਾ ਮੋਰਚੇ ਵੀ ਬਾਦਸਤੂਰ ਜਾਰੀ
ਦਲਜੀਤ ਕੌਰ, ਚੰਡੀਗੜ੍ਹ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 17 ਐਮ ਐਲ ਏ, 6 ਮੰਤਰੀ ਅਤੇ 2 ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ 25 ਹੋਰ ਪੱਕੇ ਮੋਰਚੇ ਸ਼ੁਰੂ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਸ਼ੁਰੂ ਕੀਤੇ ਗਏ 25 ਪਰਚੀ-ਮੁਕਤ ਟੌਲ ਪਲਾਜ਼ਾ ਮੋਰਚਿਆਂ ਸਣੇ ਅੱਜ ਤੋਂ ਕੁੱਲ 50 ਥਾਂਵਾਂ ‘ਤੇ ਪੱਕੇ ਮੋਰਚੇ ਲਗਾਤਾਰ ਜਾਰੀ ਰੱਖੇ ਜਾਣਗੇ। ਇਨ੍ਹਾਂ ਮੋਰਚਿਆਂ ਵਿੱਚ ਅੱਜ ਵੀ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ ਹਨ। ਇਹ ਦੋਨੋਂ ਕਿਸਮਾਂ ਦੇ ਮੋਰਚੇ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰੱਖੇ ਜਾਣਗੇ।
ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜੋਰ ਦਿੱਤਾ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ।
ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕੀਤੀ ਜਾਵੇ ਅਤੇ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ।
ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ।ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ ‘ਤੇ ਉਤਾਰੂ ਹਨ।
ਇਸੇ ਕਰਕੇ ਕਾਰਪੋਰੇਟਾਂ ਦੇ ਟੌਲ ਪਲਾਜੇ ਵੀ ਫ੍ਰੀ ਕੀਤੇ ਕੀਤੇ ਗਏ ਹਨ ਅਤੇ ਦੋਨਾਂ ਸਰਕਾਰਾਂ ਦੇ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਜਨਤਕ ਰੋਸ ਪ੍ਰਦਰਸ਼ਨ ਵੀ ਸ਼ੁਰੂ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ 32 ਜਥੇਬੰਦੀਆਂ ਦੇ ਕਿਸਾਨ ਆਗੂਆਂ ਨਾਲ਼ ਕੀਤੀ ਗਈ ਪੁਲਿਸ ਧੱਕੇਸ਼ਾਹੀ ਅਤੇ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਅਤੇ ਗ੍ਰਿਫਤਾਰ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਕਿਸਾਨ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਵੀ ਮੋਰਚਿਆਂ ਨੂੰ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਵੀ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਜਿੱਤ ਦੀ ਗਾਰੰਟੀ ਹੋਵੇਗੀ।