ਪੰਚਾਇਤੀ ਚੋਣਾਂ ਦੌਰਾਨ ਚੋਣ ਅਮਲੇ ਦੀ ਕੁੱਟਮਾਰ ਪੰਜਾਬ ਸਰਕਾਰ ਦੇ ਅਮਨ ਕਾਨੂੰਨ ਦਾ ਦਿਵਾਲਾ
ਪੰਜਾਬ ਨੈੱਟਵਰਕ, ਬਠਿੰਡਾ
ਸਾਂਝੇ ਅਧਿਆਪਕ ਮੋਰਚੇ ਵੱਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਕੋਲ ਚੋਣ ਅਮਲੇ ਦੀ ਸੁਰੱਖਿਆ ਦੀ ਕੀਤੀ ਮੰਗ ਅਤੇ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ ਵੱਲੋਂ ਇਸੇ ਸੰਦਰਭ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਗਏ ਮੰਗ ਪੱਤਰ ਭੇਜੇ ਗਏ ਜਿੰਨਾ ਦੇ ਕੋਈ ਸਾਰਥਿਕ ਨਤੀਜੇ ਨਹੀਂ ਨਿਕਲੇ।
ਸਗੋਂ ਇਸ ਦੇ ਉਲਟ ਪੰਜਾਬ ਦੇ ਕਈ ਪਿੰਡਾਂ ਵਿੱਚ ਪੋਲਿੰਗ ਬੂਥਾਂ ਤੇ ਚੋਣ ਅਮਲੇ ਨੂੰ ਕੁੱਟ -ਮਾਰ ਅਤੇ ਹਿੰਸਾ ਦਾ ਸ਼ਿਕਾਰ ਹੋਣਾ ਪਿਆ, ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੋਆਣਾ , ਸਕੱਤਰ ਜਸਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਨੇ ਵੱਖ ਵੱਖ ਥਾਵਾਂ ਤੇ ਹੋਈ ਹਿੰਸਾ ਨੂੰ ਪੰਜਾਬ ਸਰਕਾਰ ਦੀ ਘੋਰ ਨਲਾਇਕੀ ਕ਼ਰਾਰ ਦਿੰਦਿਆਂ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਹਾਕਮ ਧਿਰ ਵੱਲੋਂ ਚੋਣਾਂ ਨੂੰ ਲੁੱਟਣ ਲਈ ਹਰ ਹੀਲਾ ਵਰਤਿਆ ਗਿਆ ਹੋਵੇ।
ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ ਅਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਸਮੁੱਚੇ ਬਿਰਤਾਂਤ ਨੂੰ ਪੰਜਾਬ ਸਰਕਾਰ ਦੀ ਗੈਰ ਜਿੰਮੇਵਾਰਾਨਾ ਪਹੁੰਚ ਕ਼ਰਾਰ ਦਿੰਦਿਆਂ ਕਿਹਾ ਕਿ ਜੱਥੇਬੰਦੀ ਵੱਲੋਂ ਵਾਰ ਵਾਰ ਸੁਰੱਖਿਆ ਦੀ ਮੰਗ ਅਤੇ ਵੋਟਾਂ ਦੀ ਗਿਣਤੀ ਚੋਣਾਂ ਤੋਂ ਅਗਲੇ ਦਿਨ ਤਹਿਸੀਲ ਪੱਧਰ ਤੇ ਕਰਨ ਨੂੰ ਦਰ- ਕਿਨਾਰ ਕੀਤਾ ਗਿਆ। ਚੋਣ ਅਮਲੇ ਲਈ ਪ੍ਰਸ਼ਾਸਨ ਵੱਲੋਂ ਨਾ ਤਾਂ ਖਾਣੇ ਦਾ ਕੋਈ ਇੰਤਜ਼ਾਮ ਕੀਤਾ ਗਿਆ ਅਤੇ ਨਾਂ ਹੀ ਰਾਤ ਸਮੇਂ ਬਿਸਤਰਿਆਂ ਦਾ ਕੋਈ ਪ੍ਰਬੰਧ ਕੀਤਾ ਗਿਆ।
ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਪ੍ਰਾਪਤ ਹੋਈਆਂ ਸੂਚਨਾਵਾਂ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦਾਖਾ ਵਿਚ ਇੱਟਾਂ-ਰੋੜੇ ਚੱਲੇ ਇਸੇ ਤਰ੍ਹਾਂ ਮੁਕਤਸਰ ਜ਼ਿਲ੍ਹੇ ਦੇ ਪਿੰਡ ਨਵਾਂ ਰੁਪਾਣਾ , ਬਠਿੰਡਾ ਦੇ ਗੋਨਿਆਨਾ ਖ਼ੁਰਦ ਵਿੱਚ ਵੀ ਚੋਣ ਅਮਲੇ ਨੂੰ ਬੜੀ ਮੁਸਕੱਤ ਤੋਂ ਬਾਅਦ ਬਾਹਰ ਲਿਆਂਦਾ ਗਿਆ। ਮਾਝੇ ਵਿੱਚ ਵੱਡੇ ਪੱਧਰ ਤੇ ਹਿੰਸਾ ਹੋਈ। ਉਨ੍ਹਾਂ ਸਾਰੇ ਵਰਤਾਰੇ ਨੂੰ ਪੰਜਾਬ ਸਰਕਾਰ ਦੀ ਨਲਾਇਕੀ ਕ਼ਰਾਰ ਦਿੱਤਾ।ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਹਰ ਹਾਲਤ ਵਿੱਚ ਪੰਚਾਇਤੀ ਚੋਣਾਂ ਦੇ ਨਤੀਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਗਲੇ ਦਿਨ ਤਹਿਸੀਲ ਪੱਧਰ ਤੇ ਐਲਾਨੇ ਜਾਣ।
ਜ਼ਿਮਨੀ ਚੋਣਾਂ ਦੌਰਾਨ ਚੋਣ ਅਮਲੇ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ। ਔਰਤਾਂ ਅਤੇ ਲੋੜਵੰਦ ਅਧਿਆਪਕਾਂ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ। ਇਸੇ ਤਰ੍ਹਾਂ ਚੋਣਾਂ ਤੋਂ ਅਗਲੇ ਦਿਨ ਸਮੁੱਚੇ ਚੋਣ ਅਮਲੇ ਨੂੰ ਛੁੱਟੀ ਕੀਤੀ ਜਾਵੇ। ਚੋਣਾਂ ਦੌਰਾਨ ਕਿਸੇ ਵੀ ਮੁਲਾਜਮ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ, ਸੱਟ ਫੇਟ ਲੱਗਣ, ਮੌਤ ਹੋ ਜਾਣ ਤੇ ਉਸ ਮੁਲਾਜ਼ਮ ਨੂੰ ਬਣਦਾ ਮੁਆਵਜ਼ਾ ਅਤੇ ਮੌਤ ਹੋਏ ਮੁਲਾਜ਼ਮ ਦੇ ਪਰਿਵਾਰ ਨੂੰ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ।
ਇਹਨਾ ਤੋਂ ਇਲਾਵਾ ਜਿਲ੍ਹਾ ਆਗੂ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਭੋਲਾ ਤਲਵੰਡੀ, ਭੁਪਿੰਦਰ ਸਿੰਘ ਮਾਈਸਰਖਾਨਾ, ਬਲਕਰਨ ਸਿੰਘ ਕੋਟਸ਼ਮੀਰ, ਅਸ਼ਵਨੀ ਕੁਮਾਰ ਆਦਿ ਨੇ ਚੋਣ ਕਮਿਸ਼ਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਭਵਿੱਖ ਵਿੱਚ ਸਰਕਾਰ ਨੇ ਚੋਣਾਂ ਦਾ ਅਮਲ ਸਿਰੇ ਚੜਾਉਣਾ ਹੈ ਤਾਂ ਉਕਤ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਜੱਥੇਬੰਦੀ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।