ਸਾਵਧਾਨ! ਪੰਜਾਬ ਭਰ ‘ਚ ਅੱਜ ਕਿਸਾਨਾਂ ਵੱਲੋਂ ਚੱਕਾ ਜਾਮ!
ਲੁਧਿਆਣਾ:
ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਹੋਣ ਦੇ ਵਿਰੋਧ ’ਚ 25 ਅਕਤੂਬਰ ਨੂੰ ਪੂਰੇ ਸੂਬੇ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਅੱਜ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਜਾਮ ਕਰਨਗੇ।
ਇਹ ਫ਼ੈਸਲਾ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੇ ਕਿਸਾਨ ਸੰਗਠਨਾਂ ਦੀ ਬੁੱਧਵਾਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ’ਚ ਹੋਈ ਬੈਠਕ ’ਚ ਕੀਤਾ ਗਿਆ। ਬੈਠਕ ’ਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੂਬੇ ਭਰ ’ਚ ਕਾਲੇ ਝੰਡੇ ਦਿਖਾਉਣ ਦਾ ਸੱਦਾ ਵੀ ਦਿੱਤਾ ਗਿਆ।
ਕਿਸਾਨ ਯੂਨੀਅਨਾਂ ਦੇ ਆਗੂਆਂ ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜ ਗਿੱਲ ਤੇ ਬੋਘ ਸਿੰਘ ਮਾਨਸਾ ਨੇ ਕਿਹਾ ਕਿ 19 ਅਕਤੂਬਰ ਨੂੰ ਮੁੱਖ ਮੰਤਰੀ ਵਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦਾ ਸੰਕਟ ਹਾਲੇ ਵੀ ਬਰਕਰਾਰ ਹੈ।
ਕਿਸਾਨਾਂ ਨੂੰ ਐੱਮਐੱਸਪੀ ਤੋਂ ਹੇਠਾਂ ਫ਼ਸਲ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨੂੰ ਚਾਰ ਦਿਨਾਂ ਦਾ ਸਮਾਂ ਦੇ ਕੇ ਘਿਰਾਓ ਪ੍ਰੋਗਰਾਮ ਰੋਕ ਦਿੱਤਾ ਸੀ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਛੇਤੀ ਮਸਲਾ ਹੱਲ ਨਾ ਹੋਇਆ ਤਾਂ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਏਗਾ।