9 ਨਵੰਬਰ ਨੂੰ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਜੋਰਾਂ ‘ਤੇ
ਪੰਜਾਬ ਨੈੱਟਵਰਕ, ਬਠਿੰਡਾ
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਜਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਜਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਢਾਈ ਸਾਲ ਬੀਤਣ ਦੇ ਬਾਵਜੂਦ ਅਧਿਆਪਕਾਂ ਦੀਆਂ ਹੱਕੀ ਅਤੇ ਵਾਜਬ ਮੰਗਾਂ ਪ੍ਰਤੀ ਵੱਟੀ ਘੇਸਲ ਕਾਰਨ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਫੈਲ ਰਹੀ ਹੈ। ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਅਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਤੋਂ ਸਰਕਾਰ ਲਗਾਤਾਰ ਆਨਾਕਾਨੀ ਕਰ ਰਹੀ ਹੈ।ਸਿੱਖਿਆ ਵਿਭਾਗ ਵਿੱਚ ਆਊਟਸੋਰਸਿੰਗ ਪ੍ਰਣਾਲੀ ਨੂੰ ਤੇਜੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਲਗਭਗ 37 ਤਰ੍ਹਾਂ ਦੇ ਭੱਤਿਆਂ ਤੇ ਕੈਂਚੀ ਫੇਰੀ ਜਾ ਚੁੱਕੀ ਹੈ। ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਤੇ ਲੰਗੜਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਤਨਖਾਹਾਂ ਵਿੱਚ ਪ੍ਰਤੀ ਅਧਿਆਪਕ ਲੱਗਭਗ ਦਸ ਹਜ਼ਾਰ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਜੱਥੇਬੰਦਕ ਸਕੱਤਰ ਕੁਲਵਿੰਦਰ ਵਿਰਕ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਕੀਤੀਆਂ ਤਰੱਕੀਆਂ ਦੌਰਾਨ ਵੱਡੇ ਪੱਧਰ ਤੇ ਸਟੇਸ਼ਨ ਲੁਕਾ ਕੇ ਅਧਿਆਪਕਾਂ ਦੀ ਖੱਜਲ ਖ਼ੁਆਰੀ ਕੀਤੀ ਗਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਨੀਤੀ 2020 ਅਨੁਸਾਰ ਮਹਿਕਮੇ ਦੀ ਅਕਾਰ ਘਟਾਈ ਕਰਕੇ ਪੋਸਟਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਲੰਟੀਅਰ ਤੋਂ ਪੱਕੇ ਕੀਤੇ ਸਹਾਇਕ ਟੀਚਰਾਂ ਵਿੱਚੋਂ 170 ਅਧਿਆਪਕਾਂ ਨੂੰ ਮਹਿਜ਼ ਛੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਫਾਕੇ ਕੱਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਵਿਕਾਸ ਟੈਕਸ ਦੇ ਨਾਂ ਹੇਠ 200 ਰੁਪਏ ਪ੍ਰਤੀ ਮਹੀਨਾ ਜਜੀਆ ਵਸੂਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ 9 ਨਵੰਬਰ ਦੀ ਬਰਨਾਲਾ ਰੈਲੀ ਵਿੱਚ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਸ਼ਹਿਰ ਵਿੱਚ ਮਾਰਚ ਕੀਤਾ ਜਾਵੇਗਾਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਪੈਂਨਸ਼ਨਰਾਂ ਅਤੇ ਅਧਿਆਪਕਾਂ ਦੀਆਂ ਭਖਵੀਆਂ ਮੰਗਾਂ ਦੀ ਤੁਰੰਤ ਪੂਰਤੀ ਕਰੇ।
ਆਗੂਆਂ ਨੇ ਭਰਾਤਰੀ ਜਥੇਬੰਦੀਆਂ ਨੂੰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਿੱਜੀਕਰਨ, ਸੰਸਾਰੀਕਰਨ, ਸਿੱਖਿਆ ਦੇ ਵਪਾਰੀਕਰਨ , ਭਗਵੇਂਕਰਨ ਅਤੇ ਆਊਟਸੋਰਸਿੰਗ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਸਾਂਝੇ ਘੋਲਾਂ ਦੀ ਸਖ਼ਤ ਲੋੜ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਜਿਲ੍ਹਾ ਆਗੂ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਭੋਲਾ ਤਲਵੰਡੀ,ਭੁਪਿੰਦਰ ਮਾਈਸਰਖਾਨਾ, ਬਲਕਰਨ ਕੋਟ ਸ਼ਮੀਰ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ।