Good News! ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਨੇ ਵੀਜ਼ਾ ਫੀਸ ਕੀਤੀ ਖ਼ਤਮ
ਪੰਜਾਬ ਨੈੱਟਵਰਕ, ਅੰਮ੍ਰਿਤਸਰ :
ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਵਿਦੇਸ਼ਾਂ ਤੋਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਖ਼ਤਮ ਕਰ ਦਿੱਤੀ ਹੈ।
ਇੰਨਾ ਹੀ ਨਹੀਂ ਆਰਥਿਕ ਸੰਕਟ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਨੂੰ ਆਕਰਸ਼ਿਤ ਕਰਨ ਲਈ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਦਾ ਸਾਲਾਨਾ ਟੀਚਾ ਵੀ ਇਕ ਲੱਖ ਤੋਂ ਵਧਾ ਕੇ ਦਸ ਲੱਖ ਕਰ ਦਿੱਤਾ ਹੈ, ਯਾਨੀ ਹੁਣ ਦੁਨੀਆ ਭਰ ਤੋਂ ਦਸ ਲੱਖ ਸ਼ਰਧਾਲੂ ਹਰ ਸਾਲ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ।
ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਚਾਵਲਾ ਨੇ ਅੱਜ ਇੰਟਰਨੈੱਟ ਮੀਡੀਆ ‘ਤੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਗਰੇਵਾਲ ਨੇ ਕਿਹਾ ਕਿ ਪਾਕਿਸਤਾਨ ਨੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਪਾਕਿਸਤਾਨ ਪਹੁੰਚ ਕੇ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਜਿੱਥੇ ਵੀਜ਼ਾ ਫੀਸਾਂ ਨੂੰ ਖਤਮ ਕਰ ਦਿੱਤਾ ਗਿਆ ਹੈ, ਉਥੇ ਹੀ ਸੰਗਤ ਦੀ ਗਿਣਤੀ ਵੀ ਦਸ ਗੁਣਾ ਵਧਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦੁਨੀਆ ਦੇ 121 ਦੇਸ਼ਾਂ ਤੋਂ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਹੁਣ ਇਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ।
ਉਨ੍ਹਾਂ ਪੀਐੱਸਜੀਪੀਸੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਮਾਫ਼ ਕੀਤੀ ਗਈ ਹੈ ਜਾਂ ਨਹੀਂ, ਇਸ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ। PSGPC ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਫੀਸ ਵੀ ਮਾਫ਼ ਕੀਤੀ ਗਈ ਹੈ ਜਾਂ ਨਹੀਂ।