ਗਿੱਦੜਬਾਹਾ ਹਲਕੇ ‘ਚ ਝੰਡਾ ਮਾਰਚ ਕਰਨ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਬੱਲੂਆਣਾ ਟੋਲ ਪਲਾਜ਼ੇ ‘ਤੇ ਘੇਰਿਆ
ਪੰਜਾਬ ਨੈੱਟਵਰਕ, ਬਠਿੰਡਾ, ਬੱਲੂਆਣਾ, ਗਿੱਦੜਬਾਹਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 05-07-08 ਨਵੰਬਰ 2024″ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਗਿੱਦੜਬਾਹਾ,ਬਰਨਾਲਾ,ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਖ਼ਸਲਤ ਨੂੰ ਲੋਕਾਂ ਦੀ ਸੱਥ ਵਿੱਚ ਨੰਗਾ ਕਰਨ ਦੇ ਉਲੀਕੇ ਸੰਘਰਸ਼ ਪ੍ਰੋ.ਤਹਿਤ ਅੱਜ ਗਿੱਦੜਬਾਹਾ ਹਲਕੇ ਵਿੱਚ ਝੰਡਾ ਮਾਰਚ ਕਰਨ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਬੱਲੂਆਣਾ ਟੋਲ ਪਲਾਜ਼ੇ ਤੇ ਘੇਰਿਆ।
ਜਿਸ ਕਾਰਨ ਨੈਸ਼ਨਲ ਹਾਈਵੇ ਮੁਕੰਮਲ ਜਾਮ ਲੱਗਿਆ ਹੋਇਆ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ‘ਮੋਰਚੇ’ ਦੇ ਸੂਬਾਈ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਦੰਦੀਵਾਲ,ਬਲਜੀਤ ਸਿੰਘ ਭੱਟੀ,ਚੌਧਰ ਸਿੰਘ,ਉਦੇਸ਼ ਸਿੰਘ,ਰਵੀ ਕੁਮਾਰ ਰਾਮਪੁਰਾ ਆਦਿ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ, ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰੋਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੰਜਾਬ ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 24 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗਾਂ ਤਹਿ ਕਰਵਾਉਣ ਉਪਰੰਤ ਵੀ ‘ਮੁੱਖ ਮੰਤਰੀ ਪੰਜਾਬ’ ਵੱਲੋੰ “ਮੋਰਚੇ” ਦੀ ‘ਸੂਬਾ ਕਮੇਟੀ’ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਪੰਜਾਬ ਦੀ ‘ਆਪ ਸਰਕਾਰ’ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਤਿੱਖਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ।
ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਖ਼ਸਲਤ ਨੂੰ ਲੋਕਾਂ ਦੀ ਸੱਥ ਵਿੱਚ ਨੰਗਾ ਕਰਨ ਦਾ ਸੰਘਰਸ਼ ਪ੍ਰੋ.ਕੀਤਾ ਜਾ ਰਿਹਾ ਹੈ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਨਿਸ਼ਚਿਤ ਕੀਤੀ ਜਾਵੇ।
ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ,ਕਿਸਾਨਾਂ ਦੀ ਮੰਡੀਆਂ ਵਿੱਚ ਰੁਲ ਰਹੇ ਝੋਨੇ ਦੀ ਫ਼ਸਲ ਦਾ ਵਾਜਬ ਮੁੱਲ ਦੇਕੇ ਚੁਕਾਈ ਕੀਤੀ ਜਾਵੇ,ਪਰਾਲੀ ਦੇ ਮਸਲੇ ਦਾ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਪਾਏ ਪੁਲਿਸ ਕੇਸ ਰੱਦ ਕੀਤੇ ਜਾਣ,ਮਜ਼ਦੂਰਾਂ,ਮੁਲਾਜ਼ਮਾਂ,ਵਿਦਿਆਰਥੀਆਂ,ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਤੌਰ ਤੇ ਜਲਦ ਪ੍ਰਵਾਨ ਕੀਤਾ ਜਾਵੇ।