ਪੰਜਾਬ ਸਰਕਾਰ ਨੇ ਅਧਿਆਪਕਾਂ ਸਿਰ ਥੋਪਿਆ ਇੱਕ ਹੋਰ ਕੰਮ… ਸਕੂਲਾਂ ਦੀ ਬਜਾਏ ਹੁਣ ਖੇਤਾਂ ‘ਚ ਕਿਸਾਨਾਂ ਨਾਲ ਮੱਥਾ ਲਾਉਣਗੇ ਅਧਿਆਪਕ
ਅਧਿਆਪਕਾਂ ਨੂੰ ਪਰਾਲੀ ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਲਾਉਣ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ
ਅਧਿਆਪਕਾਂ ਦਾ ਕੰਮ ਸਿਰਫ਼ ਸਕੂਲਾਂ ਵਿੱਚ ਵਿਦਿਆਰਥੀ ਪੜ੍ਹਾਉਣਾ: ਹਰੀਕੇ
ਪੰਜਾਬ ਨੈੱਟਵਰਕ, ਚੰਡੀਗੜ੍ਹ
ਵਿਧਾਨ ਸਭਾ ਵਿੱਚ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੇ ਐਲਾਨ ਕਰਨ ਵਾਲੀ ਆਪ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਪਰਾਲੀ ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਲਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਮਾਲ ਵਿਭਾਗ ਦੇ ਅਮਲੇ ਦਾ ਕੰਮ ਜਬਰੀ ਅਧਿਆਪਕਾਂ ਸਿਰ ਥੋਪਿਆ ਗਿਆ ਹੈ।
ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਇੱਕ ਪਾਸੇ ਸਤੰਬਰ ਪ੍ਰੀਖਿਆਵਾਂ ਦਾ ਅਮਲ ਹੁਣੇ ਪੂਰਾ ਕੀਤਾ ਗਿਆ ਹੈ ਵਿੱਦਿਅਕ ਸੈਸ਼ਨ ਦਾ ਪੀਕ ਸਮਾਂ ਚਲ ਰਿਹਾ ਹੈ ਦੂਜੇ ਪਾਸੇ ਅਧਿਆਪਕਾਂ ਨੂੰ ਪਰਾਲੀ ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਨਿਯੁਕਤ ਕਰਕੇ ਸਕੂਲਾਂ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਕਾਗਜ਼ੀ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਵੱਖ ਵੱਖ ਟੀਮਾਂ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕੁਝ ਜ਼ਿਲਿਆਂ ਵਿਚ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀ ਉਕਤ ਮਾਮਲੇ ਵਿਚ ਕਾਰਗੁਜ਼ਾਰੀ ਤੇ ਜੁਆਬ ਤਲਬੀ ਕਰਨ ਦੀਆਂ ਕਥਿਤ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਜ਼ਿਲੇ ਵਿੱਚ ਇੱਕ ਵੀ ਅਧਿਆਪਕ ਦਾ ਕੋਈ ਨੁਕਸਾਨ ਹੋਇਆ ਤਾਂ ਸਿੱਧੀ ਜ਼ਿੰਮੇਵਾਰੀ ਉਥੋਂ ਦੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਉਕਤ ਨਾਦਰਸ਼ਾਹੀ ਫੁਰਮਾਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।