ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਸਸਪੈਂਡ, ਪੜ੍ਹੋ ਪੂਰਾ ਮਾਮਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਸਰਕਾਰ ਵੱਲੋਂ ਆਪਣੇ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਅਨੁਰਾਗ ਵਰਮਾ, ਆਈ.ਏ.ਐਸ. ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੈਸਰਜ਼ ਸਚਦੇਵਾ ਟਰੇਡਰਜ਼ ਫਿਰੋਜ਼ਪੁਰ ਦੇ ਵੱਖ-ਵੱਖ ਗੋਦਾਮਾਂ ਦੀ ਉੱਪ ਮੰਡਲ ਮੈਜਿਸਟਰੇਟ ਫਿਰੋਜਪੁਰ ਦੀ ਨਿਗਰਾਨੀ ਹੇਠ ਚੈਕਿੰਗ ਕਰਵਾਉਣ ਤੇ ਪਾਇਆ ਗਿਆ ਕਿ ਇਸ ਫਰਮ ਵੱਲੋਂ ਨਜਾਇਜ਼ ਤੌਰ ਤੇ ਕਰੀਬ 161.8 ਐਮ.ਟੀ. (3236 ਬੈਗ) ਡੀ.ਏ.ਪੀ. ਖਾਦ ਦੀ ਅਣਅਧਿਕਾਰਤ ਤੌਰ ਤੇ ਸਟੋਰੇਜ਼ ਕੀਤੀ ਹੈ।
ਪੜਤਾਲ ਦੌਰਾਨ ਫਰਮ ਦੇ ਮਾਲਕਾਂ ਵੱਲੋਂ ਗੋਦਾਮਾਂ ਵਿੱਚ ਪਈ ਖਾਦ ਦਾ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਜਦੋਂ ਡਿਪਟੀ ਕਮਿਸ਼ਨਰ ਫਿਰੋਜਪੁਰ ਵੱਲੋਂ ਜਗੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ। ਜਦਕਿ ਡੀ.ਏ.ਪੀ ਖਾਦ ਦੀ ਕਮੀ ਦੇ ਮੱਦੇਨਜਰ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਸ ਸਬੰਧੀ ਚੈਕਿੰਗ ਕਰਨ ਲਈ ਆਦੇਸ਼ ਦਿੱਤੇ ਜਾਂਦੇ ਰਹੇ ਹਨ।
ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ, ਇਸ ਗੰਭੀਰ ਕੁਤਾਹੀ ਕਾਰਨ ਜਗੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮ, 1970 ਦੇ ਰੂਲ 8 ਅਧੀਨ ਚਾਰਜਸ਼ੀਟ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਨਿਸ਼ਚਿਤ ਕੀਤਾ ਜਾਂਦਾ ਹੈ। ਮੁੱਖ ਖੇਤੀਬਾੜੀ ਅਫਸਰ ਫਿਰੋਜਪੁਰ ਦੀ ਆਸਾਮੀ ਦਾ ਵਾਧੂ ਚਾਰਜ ਸੰਦੀਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਨੂੰ ਬਿਨਾਂ ਕਿਸੇ ਵਾਧੂ ਮਿਹਨਤਾਨੇ ਤੋਂ ਅਗਲੇ ਹੁਕਮਾਂ ਤੱਕ ਦਿੱਤਾ ਜਾਂਦਾ ਹੈ। ਇਹ ਹੁਕਮ ਖੇਤੀਬਾੜੀ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਜਾ ਰਹੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।