Punjab News: ਮੁਲਾਜ਼ਮ ਅਤੇ ਪੈਨਸ਼ਨਰ 17 ਨਵੰਬਰ ਨੂੰ ਗਿੱਦੜਬਾਹਾ ਹਲਕੇ ‘ਚ AAP ਅਤੇ ਭਾਜਪਾ ਉਮੀਦਵਾਰ ਦੇ ਖਿਲਾਫ ਕਰਨਗੇ ਝੰਡਾ ਮਾਰਚ
ਪੰਜਾਬ ਨੈੱਟਵਰਕ, ਕੋਟਕਪੂਰਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੌਣੇ ਤਿੰਨ ਸਾਲ ਦੇ ਰਾਜ ਭਾਗ ਦੌਰਾਨ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਅਤੇ ਕਾਂਗਰਸ ਪਾਰਟੀ ਦੇ ਰਾਜ ਭਾਗ ਦੌਰਾਨ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਤੋਂ ਅੱਕੇ ਹੋਏ ਮਾਲਵੇ ਦੇ ਜਿਲਿਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਹਨਾਂ ਦੋਹਵਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ 17 ਨਵੰਬਰ ਦਿਨ ਐਤਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਗਲੀਆਂ ਅਤੇ ਬਜ਼ਾਰਾਂ ਵਿੱਚ ਝੰਡਾ ਮਾਰਚ ਕਰਨ ਲਈ ਵਹੀਰਾਂ ਘੱਤਕੇ ਪਹੁੰਚਣ ਲਈ ਤਿਆਰੀਆਂ ਕਰ ਰਹੇ ਹਨ।
ਇਸ ਐਕਸ਼ਨ ਦੀ ਤਿਆਰੀ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਜ਼ਰੂਰੀ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਜਰਨੈਲ ਸਿੰਘ ਚਹਿਲ ਸੇਵਾ ਮੁਕਤ ਮੁੱਖ ਅਧਿਆਪਕ ਅਤੇ ਹੋਰ ਵੱਖ-ਵੱਖ ਵਿਅਕਤੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫਰੀਦਕੋਟ ਦੇ ਸਰਪ੍ਰਸਤ ਅਸ਼ੋਕ ਕੌਸ਼ਲ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ , ਵਿੱਤ ਸਕੱਤਰ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਤੇ ਤਰਸੇਮ ਨਰੂਲਾ ਨੇ ਦੱਸਿਆ ਕਿ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਨਾਲ ਸਬੰਧਤ ਸਮੂਹ ਜਥੇਬੰਦੀਆਂ ਦੇ ਮੁਲਾਜ਼ਮ , ਪੈਨਸ਼ਨਰ ਅਤੇ ਆਸ਼ਾ ਵਰਕਰਾਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿਖੇ ਸਵੇਰੇ ਠੀਕ 9-30 ਵਜੇ ਇਕੱਠੇ ਹੋ ਕੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਮੱਲਣ , ਦੋਦਾ , ਕੋਟਭਾਈ, ਛੱਤੇਆਣਾ , ਭਾਰੂ ਵਿੱਚੋਂ ਦੀ ਝੰਡਾ ਮਾਰਚ ਕਰਦੇ ਹੋਏ ਭਗਵੰਤ ਮਾਨ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਨੰਗਾ ਕਰਦੇ ਹੋਏ ਕਪਾਹ ਮੰਡੀ ਗਿੱਦੜਬਾਹਾ ਵਿਖੇ ਪਹੁੰਚਣਗੇ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਪੌਣੇ ਤਿੰਨ ਸਾਲਾਂ ਦੇ ਰਾਜ ਭਾਗ ਦੌਰਾਨ ਅਪਣਾਈਆ ਗਈਆਂ ਨੀਤੀਆਂ ਕਾਰਨ , ਝੂਠੀ ਇਸ਼ਤਿਹਾਰਬਾਜ਼ੀ ਦੇ ਨਾਂ ਦੇ ਕਰੋੜਾਂ ਰੁਪਏ ਖਰਚ ਕਰਨ ਕਾਰਨ ਅਤੇ ਹੋਰਨਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਨਜਾਇਜ਼ ਖਰਚਿਆਂ ਕਾਰਨ ਪੰਜਾਬ ਸਿਰ ਹਜ਼ਾਰਾ ਕਰੋੜ ਰੁਪਏ ਦੇ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਤੇ ਖਜ਼ਾਨੇ ਦੀ ਹਾਲਤ ਦਿਨੋ ਦਿਨ ਨਿੱਘਰਦੀ ਜਾ ਰਹੀ ਹੈ।
ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11ਫੀਸਦੀ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵ ਇਨਕੈਸ਼ਮਿੰਟ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ ਸਮੂਹ ਕੱਚੇ ,ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਹੋਰ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ ।ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦਾ ਸਹੀ ਹੱਲ ਕਰਨ ਦੀ ਬਜਾਏ ਦਿੱਲੀ ਤੋਂ ਇਨਕਮ ਟੈਕਸ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਰਵਿੰਦ ਮੋਦੀ ਵਰਗਿਆਂ ਨੂੰ ਵਿੱਤ ਵਿਭਾਗ ਦੇ ਮੁੱਖ ਸਲਾਹਕਾਰ ਬਣਾਕੇ ਲੋਕਾਂ ਦੇ ਗਲਾਂ ਤੇ ਹੋਰ ਕੈਂਚੀਆਂ ਚਲਾਉਣ ਦੇ ਰਾਹ ਲੱਭੇ ਜਾ ਰਹੇ ਹਨ।
ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਨਛੱਤਰ ਸਿੰਘ ਭਾਣਾ, ਰਮੇਸ਼ ਢੈਪਈ, ਜਸਵਿੰਦਰ ਸਿੰਘ ਬਰਾੜ ਪੇਂਡੂ ਵਿਕਾਸ ਅਧਿਕਾਰੀ , ਗੇਜ ਰਾਮ ਭੌਰਾ, ਜਸਪਾਲ ਸਿੰਘ , ਮੇਜਰ ਸਿੰਘ , ਹਰਦੀਪ ਸਿੰਘ ਫਿੱਡੂ ਭਲਵਾਨ, ਅਸ਼ੋਕ ਚਾਵਲਾ ਤੇ ਸੁਰਿੰਦਰ ਕੁਮਾਰ ਮੁੰਜਾਲ ਸੁਪਰਡੈਂਟ, ਮੰਦਰ ਸਿੰਘ ਲੈਕਚਰਾਰ , ਜੋਗਿੰਦਰ ਸਿੰਘ ਛਾਬੜਾ ਹਰਦੀਪ ਸਿੰਘ ਲੈਕਚਰਾਰ, ਪਰਮਿੰਦਰ ਸਿੰਘ ਜਟਾਣਾ ਤੇ ਸੁਖਦਰਸ਼ਨ ਸਿੰਘ ਗਿੱਲ ਫਰੀਦਕੋਟ ਆਦਿ ਸ਼ਾਮਲ ਸਨ।