ਵੱਡਾ ਖੁਲਾਸਾ: ਪੰਜਾਬ ‘ਚ 1 ਕਿੱਲੋ ਚੌਲ ਪੈਦਾ ਕਰਨ ਲਈ 3500 ਲੀਟਰ ਪਾਣੀ ਦੀ ਹੁੰਦੀ ਖਪਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਪਾਣੀ ਅਤੇ ਜਰਖੇਜ਼ ਮਿੱਟੀ ਵਰਗੇ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਗੁਆਉਣ ਦਾ ਸੰਤਾਪ ਹੰਢਾਇਆ ਹੈ।
ਸਰਕਾਰੀ ਦਾਅਵੇ ਮੁਤਾਬਿਕ, ਇੱਕ ਕਿੱਲੋ ਚੌਲ ਪੈਦਾ ਕਰਨ ਲਈ ਲਗਭਗ 3500 ਲੀਟਰ ਪਾਣੀ ਦੀ ਖਪਤ ਹੁੰਦੀ ਹੈ, ਜਿਸ ਕਾਰਨ ਸੂਬੇ ਦਾ ਪਾਣੀ ਖ਼ਤਰੇ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ, ਬਲਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਬਦਲਵੀਆਂ ਫਸਲਾਂ ਤਾਂ ਹੀ ਅਪਣਾ ਸਕਦੇ ਹਨ ਜੇਕਰ ਉਨ੍ਹਾਂ ਨੂੰ ਇਹਨਾਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਹੈ ਅਤੇ ਇਹਨਾਂ ਫਸਲਾਂ ਦਾ ਯਕੀਨਨ ਮੰਡੀਕਰਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੀ ਮੰਗ ਕੀਤੀ। ਸੀਐੱਮ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੱਡੇ ਪੱਧਰ ‘ਤੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ।
ਮਾਨ ਨੇ ਦੁੱਖ ਨਾਲ ਕਿਹਾ ਕਿ ਇਹ ਇਕੱਲੇ ਪੰਜਾਬ ਦਾ ਨਹੀਂ ਸਗੋਂ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਕੋਈ ਢੁਕਵੀਂ ਵਿਧੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਵੀ ਹੁਣ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂਕਿ ਸਭ ਤੋਂ ਪਹਿਲਾਂ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਹੀ ਭੁਗਤਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਪਰਾਲੀ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਸਾਂਝੀ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ਹੈ।