Punjab Breaking: BDPO ਸਮੇਤ 6 ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ
ਪੰਜਾਬ ਨੈੱਟਵਰਕ, ਮੋਗਾ-
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਦੇਖਦੇ ਮੋਗਾ ਦੀ ਸੀ.ਜੇ.ਐਮ ਅਦਾਲਤ ਵਿੱਚ ਬਾਘਾਪੁਰਾਣਾ ਦੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਰੁਪਿੰਦਰਜੀਤ ਕੌਰ, ਬਲਵਿੰਦਰ ਸਿੰਘ, ਜਗਜੀਤ ਸਿੰਘ ਚਾਹਲ, ਜਗਜੀਤ ਸਿੰਘ ਅਤੇ ਜਸਪਾਲ ਸਿੰਘ (ਚਾਰੋ ਗ੍ਰਾਮ ਰੋਜ਼ਗਾਰ ਸਹਾਇਕ) ਨੋਡਲ ਅਫ਼ਸਰ ਅਤੇ ਰਾਜਵਿੰਦਰ ਸਿੰਘ ਇੰਸਪੈਕਟਰ ਸਹਿਕਾਰੀ ਸਭਾਵਾਂ ਕਮ ਕਲੱਸਟਰ ਅਫ਼ਸਰ ਦੇ ਖਿਲਾਫ ਨੈਸ਼ਨਲ ਕੈਪੀਟਲ ਐਂਡ ਐਡਜੋਇਨਿੰਗ ਏਰੀਆਜ਼ ਐਕਟ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਧਾਰਾ 14(1) ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਬਾਰੇ ਲਿਖ ਦਿੱਤਾ ਗਿਆ ਹੈ। ਦੋਸ਼ੀ ਸਾਬਤ ਹੋਣ ‘ਤੇ ਕਥਿਤ ਦੋਸ਼ੀਆਂ ਨੂੰ ਇਕ ਕਰੋੜ ਰੁਪਏ ਦਾ ਜੁਰਮਾਨਾ, ਪੰਜ ਸਾਲ ਦੀ ਕੈਦ ਜਾਂ ਦੋਵੇਂ ਹੋ ਸਕਦੇ ਹਨ।
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਸਖ਼ਤੀ ਨਾਲ ਰੋਕਣ ਦੀ ਨੀਤੀ ਉੱਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸੀਨੀਅਰ ਅਧਿਕਾਰੀਆਂ, ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਐੱਸ ਐੱਚ ਓਜ਼ ਨੂੰ ਸਪੱਸ਼ਟ ਕੀਤਾ ਹੈ ਕਿ ਜਾਂ ਤਾਂ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰਨ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ। ਉਹਨਾਂ ਕਲੱਸਟਰ ਅਫ਼ਸਰਾਂ ਨੂੰ ਕਿਹਾ ਕਿ ਜੇਕਰ ਉਹਨਾਂ ਅਧੀਨ ਨੋਡਲ ਅਫ਼ਸਰ ਕੰਮ ਕਰਨ ਤੋਂ ਆਨਾਕਾਨੀ ਕਰਦੇ ਹਨ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ।
ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ।
ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ। ਉਹਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਐਸ ਐਚ ਓਜ਼ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।