ਗਿੱਦੜਬਾਹਾ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ AAP ਅਤੇ ਭਾਜਪਾ ਉਮੀਦਵਾਰਾਂ ਖਿਲਾਫ ਝੰਡਾ ਮਾਰਚ
ਪੰਜਾਬ ਨੈੱਟਵਰਕ, ਜੈਤੋ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੌਣੇ ਤਿੰਨ ਸਾਲ ਦੇ ਰਾਜ ਭਾਗ ਦੌਰਾਨ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 17ਨਵੰਬਰ ਦਿਨ ਐਤਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਸਭ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਪਾਰਟੀ ਦੇ ਰਾਜ ਭਾਗ ਦੌਰਾਨ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਤੋਂ ਵੀ ਲੋਕ ਪਹਿਲਾਂ ਹੀ ਅੱਕੇ ਹੋਏ ਹਨ। ਮਾਲਵੇ ਦੇ ਜਿਲਿਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਹਨਾਂ ਦੋਹਵਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਗਲੀਆਂ ਅਤੇ ਬਜ਼ਾਰਾਂ ਵਿੱਚ ਝੰਡਾ ਮਾਰਚ ਕਰਨ ਲਈ ਵਹੀਰਾਂ ਘੱਤਕੇ ਪਹੁੰਚਣ ਲਈ ਤਿਆਰੀਆਂ ਕਰ ਰਹੇ ਹਨ ।
ਇਸ ਐਕਸ਼ਨ ਦੀ ਸਫਲਤਾ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਵਿੱਚ ਸ਼ਾਮਲ ਜਥੇਬੰਦੀਆਂ ਪੰਜਾਬ ਪੈਨਸ਼ਨਰਜ਼ ਯੂਨੀਅਨ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ, ਆਲ ਇੰਡੀਆਂ ਆਸ਼ਾ ਵਰਕਰਜ਼ ਯੂਨੀਅਨ ਵੱਲੋਂ ਪੂਰੀ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਪੈਨਸ਼ਨ ਯੂਨੀਅਨ ਜਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫਰੀਦਕੋਟ ਦੇ ਸਰਪ੍ਰਸਤ ਅਸ਼ੋਕ ਕੌਸ਼ਲ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ , ਵਿੱਤ ਸਕੱਤਰ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਤੇ ਤਰਸੇਮ ਨਰੂਲਾ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਕਲਾਸ ਫ਼ੋਰ ਗੌਰਮਿੰਟ ਇੰਪ੍ਲਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਗੁਰਪ੍ਰੀਤ ਸਿੰਘ ਸਿੱਧੂ , ਸੁਖਵਿੰਦਰ ਸਿੰਘ ਤੇ ਰਣਜੀਤ ਸਿੰਘ ਸਿਹਤ ਵਿਭਾਗ, ਰਮੇਸ਼ ਢੈਪਈ ਨਹਿਰੀ ਵਿਭਾਗ , ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ , ਸਿੰਬਲਜੀਤ ਕੌਰ ਝੱਖੜਵਾਲਾ ਤੇ ਸੁਖਮੰਦਰ ਕੌਰ ਮੱਤਾ ਨੇ ਦੱਸਿਆ ਕਿ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਨਾਲ ਸਬੰਧਤ ਸਮੂਹ ਜਥੇਬੰਦੀਆਂ ਦੇ ਮੁਲਾਜ਼ਮ , ਪੈਨਸ਼ਨਰ ਅਤੇ ਆਸ਼ਾ ਵਰਕਰਾਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿਖੇ ਸਵੇਰੇ ਠੀਕ 9-30 ਵਜੇ ਇਕੱਠੇ ਹੋ ਕੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਮੱਲਣ , ਦੋਦਾ , ਕੋਟਭਾਈ, ਛੱਤੇਆਣਾ , ਭਾਰੂ ਵਿੱਚੋਂ ਦੀ ਝੰਡਾ ਮਾਰਚ ਕਰਦੇ ਹੋਏ ਭਗਵੰਤ ਮਾਨ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਨੰਗਾ ਕਰਦੇ ਹੋਏ ਕਪਾਹ ਮੰਡੀ ਗਿੱਦੜਬਾਹਾ ਵਿਖੇ ਪਹੁੰਚਣਗੇ ।
ਆਗੂਆਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਪੌਣੇ ਤਿੰਨ ਸਾਲਾਂ ਦੇ ਰਾਜ ਭਾਗ ਦੌਰਾਨ ਅਪਣਾਈਆ ਗਈਆਂ ਨੀਤੀਆਂ ਕਾਰਨ , ਝੂਠੀ ਇਸ਼ਤਿਹਾਰਬਾਜ਼ੀ ਦੇ ਨਾਂ ਦੇ ਕਰੋੜਾਂ ਰੁਪਏ ਖਰਚ ਕਰਨ ਕਾਰਨ ਅਤੇ ਹੋਰਨਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਨਜਾਇਜ਼ ਖਰਚਿਆਂ ਕਾਰਨ ਪੰਜਾਬ ਸਿਰ ਹਜ਼ਾਰਾਂ ਕਰੋੜ ਰੁਪਏ ਦੇ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਤੇ ਖਜ਼ਾਨੇ ਦੀ ਹਾਲਤ ਦਿਨੋ ਦਿਨ ਨਿੱਘਰਦੀ ਜਾ ਰਹੀ ਹੈ । ਇਸ ਸਰਕਾਰ ਵੱਲੋਂ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵ ਇਨਕੈਸ਼ਮਿੰਟ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ।
ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ ਸਮੂਹ ਕੱਚੇ ,ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਹੋਰ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ ।ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦਾ ਸਹੀ ਹੱਲ ਕਰਨ ਦੀ ਬਜਾਏ ਦਿੱਲੀ ਤੋਂ ਇਨਕਮ ਟੈਕਸ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਰਵਿੰਦ ਮੋਦੀ ਵਰਗਿਆਂ ਨੂੰ ਵਿੱਤ ਵਿਭਾਗ ਦੇ ਮੁੱਖ ਸਲਾਹਕਾਰ ਬਣਾਕੇ ਲੋਕਾਂ ਦੇ ਗਲਾਂ ਤੇ ਹੋਰ ਕੈਂਚੀਆਂ ਚਲਾਉਣ ਦੇ ਰਾਹ ਲੱਭੇ ਜਾ ਰਹੇ ਹਨ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ।