All Latest News

ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਮ ਆਦਮੀ ਪਾਰਟੀ (AAP) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਹਰ ਪੱਖੋਂ ਪੰਜਾਬ ਦਾ ਅਧਿਕਾਰ ਹੈ।

ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਹਰ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ। ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰੇ ਅਤੇ ਚੰਡੀਗੜ੍ਹ ਪੰਜਾਬ ਨੂੰ ਵਾਪਸ ਕਰੇ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਇਸ ਦੇ ਬਦਲੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਰਹੀ ਹੈ ਤਾਂ ਫੇਰ ਵਿਧਾਨ ਸਭਾ ਪੰਚਕੂਲਾ ਵਿੱਚ ਕਿਉਂ ਨਹੀਂ ਬਣ ਰਹੀ? ਇਹ ਫ਼ੈਸਲਾ ਬਿਲਕੁਲ ਗ਼ਲਤ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਹਰ ਮੋਰਚੇ ‘ਤੇ ਇਸ ਦੇ ਖ਼ਿਲਾਫ਼ ਲੜੇਗੀ।

ਨੀਲ ਗਰਗ ਨੇ ਆਮ ਆਦਮੀ ਪਾਰਟੀ ਦੀ ਤਰਫ਼ੋਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ ‘ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਹੈ। ਇਹ ਤਿੰਨ ਕਰੋੜ ਪੰਜਾਬੀਆਂ ਦਾ ਮਸਲਾ ਹੈ। ਇਸ ਲਈ ਸਾਨੂੰ ਮਿਲ ਕੇ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਚੰਡੀਗੜ੍ਹ ‘ਤੇ ਪੰਜਾਬ ਦਾ ਅਧਿਕਾਰ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੇਵੇ ਅਤੇ ਵਾਅਦੇ ਮੁਤਾਬਿਕ ਚੰਡੀਗੜ੍ਹ ਪੰਜਾਬ ਨੂੰ ਸੌਂਪੇ। ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਇਸ ਫ਼ੈਸਲੇ ਵਿਰੁੱਧ ਬੋਲਣ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਸ ਨੂੰ ਜਾਖੜ ਦੀਆਂ ਗੱਲਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ।

 

Leave a Reply

Your email address will not be published. Required fields are marked *