ਪੰਜਾਬ ਦੇ ਬਹੁਤ ਸਾਰੇ ਪਿੰਡਾਂ ‘ਚ ਨੌਜਵਾਨਾਂ ਦੇ ਖੇਡਣ ਲਈ ਗਰਾਊਂਡ ਵੀ ਨਹੀਂ!
ਨੌਜਵਾਨ ਭਾਰਤ ਸਭਾ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਨੈੱਟਵਰਕ, ਪਾਤੜਾਂ:
ਨੌਜਵਾਨ ਭਾਰਤ ਸਭਾ ਜ਼ਿਲ੍ਹਾ ਪਟਿਆਲਾ ਦੁਆਰਾ ਸੂਬਾ ਪੱਧਰੀ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਦਫ਼ਤਰ ਪਹੁੰਚ ਕੇ ਵਿਧਾਇਕ ਦੀ ਗ਼ੈਰਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਗੁਰਮੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।
ਮੰਗ ਪੱਤਰ ਸੌਂਪਦੇ ਹੋਏ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਤੇ ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਨੇ ਕਿਹਾ ਕਿ ਮੌਜੂਦਾ ਹਾਲਾਤ ਅੰਦਰ ਪੰਜਾਬ ਦੇ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਨੌਜਵਾਨ ਭਾਰਤ ਸਭਾ ਨੇ ਪਿੰਡਾਂ ਅੰਦਰ ਨੌਜਵਾਨਾਂ ਦੀਆਂ ਕਮੇਟੀਆਂ ਬਣਾ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਅਤੇ ਇਸ ਸੰਘਰਸ਼ ਨੂੰ ਪੰਜਾਬ ਅੰਦਰ ਨਸ਼ਿਆਂ ਲਈ ਜ਼ਿੰਮੇਵਾਰ ਪੁਲਿਸ, ਸਿਆਸਤਦਾਨ ਤੇ ਨਸ਼ਾ ਸਮੱਗਲਰਾਂ ਦੇ ਗਠਜੋੜ ਖ਼ਿਲਾਫ਼ ਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿਖੇ ਸਥਿਤ ਗੁਪਤ ਟਿਕਾਣੇ ਨੂੰ ਮਿਊਜ਼ੀਅਮ ’ਚ ਤਬਦੀਲ ਕਰਨ ਤੇ ਲਾਇਬ੍ਰੇਰੀ ਬਣਾਉਣ ਲਈ ਚੱਲ ਰਹੇ ਸੰਘਰਸ਼ ਨਾਲ ਜੋੜ ਕੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਅਹਿਦ ਕੀਤਾ ਹੋਇਆ ਹੈ।
ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਹਰਿੰਦਰ ਸੈਣੀਮਾਜਰਾ ਤੇ ਗੁਰਦੀਪ ਕਲਵਾਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਨਾਂ ਦੇ ਪੰਜਾਬ ਅੰਦਰ ਖੇਡ ਮੁਕਾਬਲੇ ਸ਼ੁਰੂ ਕੀਤੇ ਹਨ ਪਰ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਅੰਦਰ ਨੌਜਵਾਨਾਂ ਦੇ ਖੇਡਣ ਲਈ ਗਰਾਊਂਡ ਵੀ ਨਹੀਂ ਹਨ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕੋਈ ਖੇਡ ਨੀਤੀ ਬਣਾਈ ਜਾ ਰਹੀ ਹੈ।
ਇਸ ਤਰ੍ਹਾਂ ਸ਼ੁਤਰਾਣਾ ਹਲਕੇ ਵਿੱਚ ਵੀ ਨੌਜਵਾਨਾਂ ਲਈ ਖੇਡਣ ਲਈ ਕੋਈ ਗਰਾਊਂਡ ਨਹੀਂ ਹੈ। ਨੌਜਵਾਨ ਭਾਰਤ ਸਭਾ ਮੰਗ ਕਰਦੀ ਹੈ ਪੰਜਾਬ ਸਰਕਾਰ ਹਰ ਪਿੰਡ ਚੰਗੇ ਖੇਡ ਗਰਾਊਂਡ ਬਣਾਏ ਤੇ ਨੌਜਵਾਨਾਂ ਲਈ ਕੋਚ ਦਾ ਪ੍ਰਬੰਧ ਕਰੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਹਾਲਤ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਦੀਪਕ ਰੰਗਾ, ਪ੍ਰਿਤਪਾਲ ਕਲਵਾਣੂ, ਹੈਪੀ ਸਿੰਘ, ਪ੍ਰਦੀਪ ਸਿੰਘ ਤੇ ਪ੍ਰਦੀਪ ਚੁਨਾਗਰਾ ਆਦਿ ਹਾਜ਼ਰ ਸਨ।