ਵੱਡੀ ਖ਼ਬਰ: ਬਠਿੰਡਾ ‘ਚ ਕਿਸਾਨਾਂ ‘ਤੇ ਪੁਲਿਸ ਵਲੋਂ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ
ਬਠਿੰਡਾ
ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਤੇ ਪੁਲਿਸ ਵਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬੀਤੇ ਦਿਨ ਤੋਂ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ ‘ਚ ਲੈਣ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਸ਼ੁੱਕਰਵਾਰ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਜਾਣਕਾਰੀ ਅਨੁਸਾਰ ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਸੀ, ਜਿਸ ‘ਤੇ ਵੱਡੀ ਗਿਣਤੀ ‘ਚ ਕਿਸਾਨ ਪਹੁੰਚ ਗਏ ਹਨ ਅਤੇ ਜ਼ਮੀਨ ਤੋਂ ਕਬਜ਼ਾ ਹਟਾਉਣ ਲਈ ਅੱਗੇ ਵਧਣ ਲੱਗੇ ਹਨ।
ਇਸ ਦੌਰਾਨ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਧੱਕਾ-ਮੁੱਕੀ ਸ਼ੁਰੂ ਹੋ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਜਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਸੰਘਰਸ਼ ਕੀਤਾ ਜਾ ਰਿਹਾ, ਪਰ ਉਨ੍ਹਾਂ ਨੂੰ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ।