All Latest News

Punjab News: ਕਾਰਪੋਰੇਟਾਂ ਦੇ ਹਿਤਾਂ ਲਈ ਕਿਸਾਨਾਂ ਦੀ ਜ਼ਮੀਨ ਜਬਰੀ ਖੋਹਣੀ ਬੰਦ ਕਰੋ: ਮਨਜੀਤ ਧਨੇਰ

 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਦੂਨੇਵਾਲਾ ਦੇ ਕਿਸਾਨਾਂ ਤੇ ਜ਼ਬਰ ਦੀ ਸਖ਼ਤ ਨਿਖੇਧੀ

ਜ਼ਬਰ ਖਿਲਾਫ ਕਿਸਾਨੀ ਘੋਲ ਦੀ ਹਮਾਇਤ ਕਰਾਂਗੇ: ਗੁਰਦੀਪ ਰਾਮਪੁਰਾ

ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ ਤੋਂ ਹੱਥ ਪਰੇ ਰੱਖੇ ਪੰਜਾਬ ਸਰਕਾਰ: ਹਰਨੇਕ ਮਹਿਮਾ

ਦਲਜੀਤ ਕੌਰ, ਚੰਡੀਗੜ੍ਹ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਦੂਨੇਵਾਲਾ ਵਿਖੇ ਕਿਸਾਨਾਂ ਦੀ ਜ਼ਮੀਨ ਤੇ ਜ਼ਬਰੀ ਕਬਜ਼ਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੇਸ਼ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਸੜਕਾਂ ਦਾ ਜਾਲ ਸਿਰਫ ਕਾਰਪੋਰੇਟ ਘਰਾਣਿਆਂ ਦਾ ਮਾਲ ਇੱਧਰ ਉੱਧਰ ਢੋਣ ਵਾਸਤੇ ਵਿਛਾਇਆ ਜਾ ਰਿਹਾ ਹੈ ਜਿਸ ਦੀ ਦੇਸ਼ ਦੇ ਆਮ ਲੋਕਾਂ ਨੂੰ ਕੋਈ ਜ਼ਰੂਰਤ ਨਹੀਂ ਹੈ।

ਇਹਨਾਂ ਸੜਕਾਂ ਹੇਠਾਂ ਲੱਖਾਂ ਏਕੜ ਉਪਜਾਊ ਜ਼ਮੀਨ ਮੱਲੀ ਜਾ ਰਹੀ ਹੈ ਅਤੇ ਦਰੱਖਤ ਪੱਟ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਹ ਸੜਕਾਂ ਧਰਤੀ ਤੋਂ ਕਈ ਫੁੱਟ ਉੱਚੀਆਂ ਬਣਾਈਆਂ ਜਾ ਰਹੀਆਂ ਹਨ। ਕਿਸਾਨਾਂ ਦੀਆਂ ਜ਼ਮੀਨਾਂ ਸੜਕ ਦੇ ਦੋਵੇਂ ਪਾਸੇ ਵੰਡੀਆਂ ਜਾ ਰਹੀਆਂ ਹਨ। ਕਈ ਥਾਵਾਂ ਤੇ ਟਿਊਬਵੈਲ ਇੱਕ ਪਾਸੇ ਹੈ ਅਤੇ ਕਿਸਾਨ ਦੀ ਜ਼ਮੀਨ ਦੂਜੇ ਪਾਸੇ। ਇਸੇ ਤਰਾਂ ਪਾਣੀ ਦੇ ਕੁਦਰਤੀ ਵਹਾਅ ਰੋਕ ਦਿੱਤੇ ਗਏ ਹਨ। ਜਿਹੜੇ ਪਾਸੇ ਤੋਂ ਪਾਣੀ ਆਉਣਾ ਹੈ ਉਸ ਪਾਸੇ ਕਿਸਾਨਾਂ ਦੀਆਂ ਜ਼ਮੀਨਾਂ ਡੁੱਬਣ ਦਾ ਖਤਰਾ ਖੜਾ ਹੋ ਗਿਆ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਦੂਨੇਵਾਲਾ ਦੇ ਕਿਸਾਨਾਂ ਨੇ ਜ਼ਮੀਨ ਦਾ ਮੁਆਵਜ਼ਾ ਘੱਟ ਹੋਣ ਕਾਰਨ ਚੈੱਕ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਖੁਦ ਡੀਸੀ ਬਠਿੰਡਾ ਨੇ ਮੰਨਿਆ ਹੈ ਕਿ ਕਿਸਾਨਾਂ ਨੂੰ 32 ਕਰੋੜ ਰੁਪਏ ਮੁਆਵਜ਼ਾ ਹਾਲੇ ਤੱਕ ਨਹੀਂ ਦਿੱਤਾ ਗਿਆ। ਇਸ ਦੇ ਬਾਵਜੂਦ ਭਾਰੀ ਪੁਲਿਸ ਬਲ ਭੇਜ ਕੇ ਜ਼ਮੀਨ ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਗਿਆ ਹੈ। ਜਦੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਇਸ ਦੇ ਖਿਲਾਫ ਆਵਾਜ਼ ਉਠਾਈ ਤਾਂ ਅੱਥਰੂ ਗੈਸ ਅਤੇ ਡਾਂਗਾਂ ਸੋਟੀਆਂ ਨਾਲ ਨਿਵਾਜਿਆ ਗਿਆ।

ਜਥੇਬੰਦੀ ਦੀ ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਜਬਰ ਕਰਨਾ ਬੰਦ ਕਰਕੇ ਕਿਸਾਨਾਂ ਦੀ ਜ਼ਮੀਨ ਵਾਪਸ ਕਰੇ ਅਤੇ ਕਿਸਾਨਾਂ ਤੇ ਜਬਰ ਢਾਉਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰੇ। ਇਸੇ ਤਰ੍ਹਾਂ ਮਾਨਸਾ ਜਿਲੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਤੋਂ ਜ਼ਮੀਨ ਖੋਹਣ ਦੀਆਂ ਕੋਸ਼ਿਸ਼ਾਂ ਬੰਦ ਕਰ ਕੇ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕੀਤੇ ਜਾਣ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਬਰ ਨੂੰ ਕਿਸੇ ਹਾਲਤ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਜ਼ਮੀਨਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟੇਗੀ।

 

Leave a Reply

Your email address will not be published. Required fields are marked *