Punjab Vigilance ਵੱਲੋਂ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
Punjab Vigilance: ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ
ਰੋਹਿਤ ਗੁਪਤਾ, ਗੁਰਦਾਸਪੁਰ
Punjab Vigilance: ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।