All Latest NewsNews FlashPunjab News

ਪੰਜਾਬ ‘ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫ਼ੇਲ੍ਹ! ਪੜ੍ਹੋ AAP ਦੀ ਸਖਤ ਪ੍ਰਤੀਕਿਰਿਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਅਸਫਲਤਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ।

ਨੀਲ ਗਰਗ ਨੇ ਕਿਹਾ ਕਿ ਭਾਜਪਾ ਦਾ ਟੀਚਾ 30 ਲੱਖ ਮੈਂਬਰ ਬਣਾਉਣ ਦਾ ਸੀ ਪਰ ਉਸ ਦਾ 10 ਫੀਸਦੀ ਵੀ ਪੂਰਾ ਨਹੀਂ ਹੋ ਸਕਿਆ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੇ ਅਸਲ ਕਿਰਦਾਰ ਨੂੰ ਸਮਝ ਚੁੱਕੇ ਹਨ। ਲੋਕਾਂ ਦਾ ਹੁਣ ਭਾਜਪਾ ‘ਤੇ ਭਰੋਸਾ ਨਹੀਂ ਰਿਹਾ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਖੁਦ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਹਨ, ਜਿਸ ਕਾਰਨ ਭਾਜਪਾ ਪੰਜਾਬ ‘ਚ ਲੀਡਰਹੀਣ ਹੋ ਗਈ ਹੈ।

ਗਰਗ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਹੁਣ ਉਸ ਨੇ ਇੱਥੋਂ ਦੇ ਵਪਾਰੀ ਵਰਗ ਦੇ ਲੋਕਾਂ ਨੂੰ ਵੀ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਆੜ੍ਹਤੀਆਂ ਅਤੇ ਰਾਈਸ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ। ਇਸ ਲਈ ਸ਼ਹਿਰੀ ਖੇਤਰਾਂ ਵਿੱਚ ਵੀ ਉਸ ਦੀ ਵੋਟ ਕਾਫ਼ੀ ਘੱਟ ਗਈ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਵੋਟਰ, ਜੋ ਕਦੇ ਭਾਜਪਾ ਦੇ ਪੱਕੇ ਸਮਰਥਕ ਮੰਨੇ ਜਾਂਦੇ ਸਨ, ਹੁਣ ਊਸ ਤੋਂ ਮੂੰਹ ਮੋੜ ਚੁੱਕੇ ਹਨ। ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਨੂੰ ਸ਼ਹਿਰੀ ਖੇਤਰ ਗਿੱਦੜਬਾਹਾ ਵਿੱਚ ਸਿਰਫ਼ 5 ਫ਼ੀਸਦੀ ਅਤੇ ਡੇਰਾ ਬਾਬਾ ਨਾਨਕ ਵਿੱਚ ਸਿਰਫ਼ 4 ਫ਼ੀਸਦੀ ਵੋਟਾਂ ਮਿਲੀਆਂ ਹਨ। ਬਰਨਾਲਾ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਉਸ ਦੇ ਅਕਸ ਕਾਰਨ ਕੁਝ ਵੋਟਾਂ ਮਿਲ ਗਈਆਂ। ਪਰ ਜ਼ਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਹੁਣ ਭਾਜਪਾ ਦਾ ਪੰਜਾਬ ਵਿੱਚ ਜਨ ਅਧਾਰ ਨਹੀਂ ਬਚਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਭਾਜਪਾ ਦੀ ਬਹੁਤ ਮਾੜੀ ਹਾਲਤ ਹੋਣ ਵਾਲੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕ ਲਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ। ਲੋਕ ਪ੍ਰੇਸ਼ਾਨ ਹੋ ਰਹੇ ਹਨ ਪਰ ਕੇਂਦਰ ਸਰਕਾਰ ਨਹੀਂ ਸੁਣ ਰਹੀ। ਇਸ ਲਈ ਉਸਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣੀ ਤੈਅ ਸੀ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ।

ਨੀਲ ਗਰਗ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀਆਂ ਗੱਲਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਤੁਰੰਤ ਬਦਲਣਾ ਚਾਹੀਦਾ ਹੈ। ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਬਦ ਤੋਂ ਬਦਤਰ ਹੋ ਜਾਵੇਗੀ।

Leave a Reply

Your email address will not be published. Required fields are marked *