ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਲਈ ਸਿਰ ਦਰਦ ਬਣ ਸਕਦੈ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼

All Latest NewsNews FlashPunjab News

 

ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ 22 ਦਸੰਬਰ ਤੋਂ ਸ਼ੁਰੂ ਹੋਵੇਗਾ ਮਰਨ ਵਰਤ

ਰੋਹਿਤ ਗੁਪਤਾ, ਲੁਧਿਆਣਾ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ 22 ਦਸੰਬਰ ਤੋਂ ਮਰਣ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਦੇ ਪੰਜਾਬੀ ਭਵਨ ਵਿੱਚ ਹੋਈ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਮੀਟਿੰਗ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ, ਕਰਮਜੀਤ ਪੁਰੀ, ਮਨਦੀਪ ਮੰਗੋਤਰਾ, ਮਨਦੀਪ ਸਿੰਘ ਤੂਰ, ਸਤੀਸ਼ ਕੁਮਾਰ ਅਤੇ ਵਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ।

ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ 2011 ਵਿੱਚ ਤਤਕਾਲੀਨ ਸਰਕਾਰ ਨੇ ਉਨ੍ਹਾਂ ਨੂੰ ‘ਪਿਕਟਸ ਸੁਸਾਇਟੀ’ ਦੇ ਤਹਿਤ ਰੈਗੂਲਰ ਕੀਤਾ ਸੀ, ਪਰ ਉਨ੍ਹਾਂ ਨੂੰ ਰੈਗੂਲਰ ਕਰਮਚਾਰੀਆਂ ਵਾਂਗ ਲਾਭ ਨਹੀਂ ਮਿਲੇ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਅਧਿਆਪਕਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਦੇਖਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੋਣਾਂ ਤੋਂ ਪਹਿਲਾਂ ਅਧਿਆਪਕਾਂ ਨੂੰ ਸਾਰੇ ਲਾਭ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਪਰ ਤਿੰਨ ਸਾਲ ਬਾਅਦ ਵੀ ਇਹ ਵਾਅਦਾ ਸਿਰਫ ਜੁਮਲਾ ਬਣਕਰ ਰਹਿ ਗਿਆ ਹੈ।

92 ਦਿਨ ਦੀ ਭੁੱਖ ਹੜਤਾਲ ਦੇ ਬਾਅਦ ਮਰਨਵਰਤ ਦਾ ਫੈਸਲਾ

ਸੰਗਰੂਰ ਵਿੱਚ ਚੱਲ ਰਹੀ ਭੁੱਖ ਹੜਤਾਲ ਦੇ 92 ਦਿਨ ਪੂਰੇ ਹੋ ਚੁੱਕੇ ਹਨ, ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਹੁਣ ਤੱਕ ਅਧਿਆਪਕਾਂ ਨਾਲ ਸੰਪਰਕ ਨਹੀਂ ਕੀਤਾ। ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਕੰਪਿਊਟਰ ਅਧਿਆਪਕਾਂ ਦੀ ਅਣਦੇਖੀ ਤੋਂ ਤੰਗ ਹੋ ਕੇ ਕੰਪਿਊਟਰ ਅਧਿਆਪਕਾਂ ਨੇ 22 ਦਸੰਬਰ ਤੋਂ ਮਰਣ ਵਰਤ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।

ਪਹਿਲੇ ਗੇੜ ਵਿੱਚ ਜੋਨੀ ਸਿੰਗਲਾ (ਬਠਿੰਡਾ), ਰਣਜੀਤ ਸਿੰਘ (ਪਟਿਆਲਾ), ਉਧਮ ਸਿੰਘ ਡੋਗਰਾ (ਹੁਸ਼ਿਆਰਪੁਰ), ਰਵਿੰਦਰ ਕੌਰ (ਫਤਿਹਗੜ੍ਹ ਸਾਹਿਬ) ਅਤੇ ਸੀਮਾ ਰਾਣੀ (ਪਟਿਆਲਾ) ਮਰਣ ਵਰਤ ‘ਤੇ ਬੈਠਣਗੇ। ਇਸ ਤੋਂ ਬਾਅਦ ਰੋਜਾਨਾ ਵੱਡੀ ਗਿਣਤੀ ਵਿਚ ਅਧਿਆਪਕ ਅਨਸ਼ਨ ਵਿੱਚ ਸ਼ਾਮਲ ਹੋਣਗੇ। ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਕੋਈ ਨਵੀਆਂ ਨਹੀਂ ਹਨ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਪੇ ਕਮਿਸ਼ਨ ਦੇ ਲਾਭਾਂ ਸਮੇਤ, ਉਨ੍ਹਾਂ ਨੂੰ ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤੇ ਜਾਣ।

14 ਦਸੰਬਰ ਦੀ ਰੈਲੀ ਵਿੱਚ ਵੱਡੇ ਕਿਸਾਨ ਸੰਗਠਨ ਸ਼ਾਮਲ ਹੋਣਗੇ

ਅਧਿਆਪਕਾਂ ਨੇ ਦੱਸਿਆ ਕਿ 14 ਦਸੰਬਰ ਨੂੰ ਸੰਗਰੂਰ ਵਿੱਚ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਰੈਲੀ ਵਿੱਚ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਦੇ ਨਾਲ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਵੱਡੀਆਂ ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਅਧਿਆਪਕ ਜਥੇਬੰਦੀਆਂ ਦੀ ਭਰਵੀਂ ਸ਼ਮੂਲੀਅਤ ਵੀ ਇਸ ਰੈਲੀ ਵਿਚ ਹੋਵੇਗੀ। ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਸੰਘਰਸ਼ ਨੂੰ ਕਿਸਾਨ ਸੰਗਠਨਾਂ ਅਤੇ ਹੋਰ ਸਮਾਜਿਕ ਸੰਗਠਨਾਂ ਦਾ ਪੂਰਾ ਸਮਰਥਨ ਮਿਲਿਆ ਹੈ।

ਕਿਸਾਨ ਸੰਗਠਨ, ਜੋ ਸੂਬੇ ਵਿੱਚ ਆਪਣੇ ਅੰਦੋਲਨ ਲਈ ਜਾਣੇ ਜਾਂਦੇ ਹਨ, ਅਧਿਆਪਕਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਕਿਸਾਨ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਸੰਗਰੂਰ ਵਿੱਚ 14 ਦਸੰਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ। ਇਹ ਰੈਲੀ ਅਧਿਆਪਕਾਂ ਦੇ ਸੰਘਰਸ਼ ਨੂੰ ਵਿਆਪਕ ਸਮਰਥਨ ਦਿਲਾਉਣ ਦਾ ਸਾਧਨ ਬਣੇਗੀ। ਸੰਘਰਸ਼ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਇਹ ਆੰਦੋਲਨ ਜਾਰੀ ਰਹੇਗਾ। ਅਧਿਆਪਕਾਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੀ ਜਾਨ ਦੀ ਬਾਜ਼ੀ ਲਗਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ।

 

Media PBN Staff

Media PBN Staff

Leave a Reply

Your email address will not be published. Required fields are marked *