Punjab Breaking: ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਦੇ ਹੱਕ ‘ਚ ਭਗਵੰਤ ਮਾਨ ਦਾ ਵੱਡਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਵਰਏਜ਼ ਹੋ ਚੁੱਕੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਵੱਡਾ ਐਲਾਨ ਕਰਦਿਆਂ ਕਿਹਾ ਕਿ, ਸਰਕਾਰੀ ਨੌਕਰੀਆਂ ਲਈ ਹੁਣ ਉਮਰ ਵਿੱਚ ਵਾਧਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ, ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਓਵਰਏਜ਼ ਹੋ ਚੁੱਕੇ ਬੇਰੁ਼ਜ਼ਗਾਰ ਨੌਜਵਾਨਾਂ ਨੂੰ ਐਡਜੈਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।
ਇਸ ਬਾਰੇ ਜਲਦ ਹੀ ਲਿਖਤੀ ਫ਼ੈਸਲਾ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ।
ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।