ਸੁਖਬੀਰ ਬਾਦਲ ‘ਤੇ ਕਿਸ ਖ਼ਾਲਿਸਤਾਨੀ ਨੇ ਕੀਤਾ ਹਮਲਾ? ਪੜ੍ਹੋ ਪੂਰੀ ਕੁੰਡਲੀ
ਚੰਡੀਗੜ੍ਹ
ਸੁਖਬੀਰ ਬਾਦਲ ‘ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚਲਾਉਣ ਵਾਲੇ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ ਅਤੇ ਸਜ਼ਾ ਵਜੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਨਿਭਾਅ ਰਹੇ ਹਨ।
ਪੁਲਿਸ ਕਮਿਸ਼ਨਰ ਨੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦਾ ਅਪਰਾਧਿਕ ਪਿਛੋਕੜ ਹੈ। ਇਨ੍ਹਾਂ ਹੀ ਨਹੀਂ, ਨਰਾਇਣ ਸਿੰਘ ਚੌੜਾ ਬੁੜੈਲ ਜੇਲ ਬ੍ਰੇਕ ਦਾ ਮੁੱਖ ਦੋਸ਼ੀ ਹੈ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਚੌੜਾ ਦਾ ਮੁਲਜ਼ਮ ਰਹਿਣ ਵਾਲਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਹਮਲੇ ਮਗਰੋਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਫੇਲ ਸਾਬਿਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸਾਡੀ ਲੀਡਰਸ਼ਿਪ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਣੇ ਵਾਰਦਾਤ ਦੀ ਚੁਫੇਰਿਓਂ ਨਿੰਦਾ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਨਿਊਜ਼18 ਦੀ ਰਿਪੋਰਟ ਮੁਤਾਬਿਕ, ਨਰਾਇਣ ਸਿੰਘ ਚੌੜਾ ਨੂੰ ਖਾਲਿਸਤਾਨੀ ਵਜੋਂ ਜਾਣਿਆ ਜਾਂਦਾ ਹੈ। ਉਹ ਬੱਬਰ ਖਾਲਸਾ ਸੰਗਠਨ ਨਾਲ ਜੁੜਿਆ ਰਿਹਾ ਹੈ। ਉਹ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਉਹ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ।
ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ।
ਟ੍ਰਿਬਿਊਨ ਦੀ ਰਿਪੋਰਟ ਦੱਸਦੀ ਹੈ ਕਿ, ਚੌੜਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਵੀ ਸ਼ੱਕੀ ਸੀ। ਉਹ ਕਥਿਤ ਤੌਰ ’ਤੇ 2004 ਦੇ ਬੁੜੈਲ ਜੇਲ੍ਹ ਭੱਜਣ ਦੇ ਕੇਸ ਵਿੱਚ ਵੀ ਸ਼ਾਮਲ ਸੀ ਜਿੱਥੋਂ ਬੇਅੰਤ ਸਿੰਘ ਦੇ ਕਾਤਲ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਜਗਤਾਰ ਸਿੰਘ ਹਵਾਰਾ ਸਮੇਤ ਚਾਰ ਅੰਡਰ ਟਰਾਇਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। ਇਹ ਘਟਨਾ 21 ਜਨਵਰੀ 2004 ਦੀ ਰਾਤ ਨੂੰ ਵਾਪਰੀ ਸੀ।
ਜਾਣਕਾਰੀ ਅਨੁਸਾਰ ਚੌੜਾ ’ਤੇ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ’ਚ ਵਿਸਫੋਟਕ ਐਕਟ ਤਹਿਤ 30 ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਦਰਜ ਕੇਸਾਂ ਵਿੱਚ ਵੀ ਲੋੜੀਂਦਾ ਸੀ।
ਨਰਾਇਣ ਸਿੰਘ ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜ਼ਮਾਨਤ ‘ਤੇ ਬਾਹਰ ਸੀ। ਪੁਲੀਸ ਦੇ ਅਨੁਸਾਰ ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ।