ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਜ਼ਿਲ੍ਹੇ ਨੂੰ ਦੱਸਿਆ ਅਧਿਆਪਕਾਂ ਦੀ ਰਾਜਧਾਨੀ
ਅਧਿਆਪਕਾਂ ਨੇ ਉਪਰਾਲੇ ਦੀ ਕੀਤੀ ਸਲਾਘਾ
ਪੰਜਾਬ ਨੈੱਟਵਰਕ, ਫਾਜ਼ਿਲਕਾ
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ।
ਫਾਜਿਲ਼ਕਾ ਨੂੰ ਅਧਿਆਪਕਾਂ ਦੀ ਰਾਜਧਾਨੀ ਦੱਸਿਆ ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਘਾਪੁਰ, ਆਈਆਈਐਮ ਅਹਿਮਦਾਬਾਦ ਅਤੇ ਹੁਣ ਫਿਨਲੈਂਡ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਅਤੇ ਸਿਹਤ ਲੋਕ ਮੁੱਦੇ ਵਜੋਂ ਉਭਰੇ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ 1000 ਸਕੂਲਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਿਆਦਾਤਰ ਅਧਿਆਪਕ ਆਪਣੇ ਕੰਮ ਨੂੰ ਸਮਰਪਿਤ ਪਾਏ ਗਏ ਹਨ। ਆਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਨੂੰ ਹੋਰ ਬਿਹਤਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰਕੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।