Punjab News: ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਨਾਲ ਅਹਿਮ ਮੀਟਿੰਗ, ਜਾਣੋ ਕੀ ਮਿਲਿਆ ਭਰੋਸਾ
ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਸਲਾ ਨਿਬੇੜਨ ਦੇ ਹੁਕਮ :ਸੰਧਾ
ਦਫ਼ਤਰੀ ਕਾਮਿਆਂ ਦੀ ਹੜਤਾਲ 6ਵੇਂ ਦਿਨ ਵੀ ਰਹੀ ਜਾਰੀ, ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੰਜਾਬ ਨੈੱਟਵਰਕ, ਮੋਹਾਲੀ
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਸ਼ੇਸ਼ ਤੋਰ ਤੇ ਮੌਜੂਦ ਰਹੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਡੀ ਜੀ ਐਸ ਈ ਵਿਨੈ ਬੁਵਲਾਨੀ, ਵਿੱਤ ਵਿਭਾਗ ਤੋਂ ਮੁਹੰਮਦ ਤਈਅਬ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੇਵਿਟ ਵੀ ਦਿੱਤਾ ਸੀ ਪਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਮੀਟਿੰਗ ਵਿੱਚ ਹਰ ਇੱਕ ਪਹਿਲੂ ਤੇ ਡਿਟੇਲਜ਼ ਗੱਲਬਾਤ ਹੋਈ।
ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਤੇ ਆਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫ਼ਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਨੂੰ 8886 ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਲਈ ਕਾਰਵਾਈ ਕਰਨ ਲਈ ਅਖ਼ਤਿਆਰ ਦਿੱਤੇ ਅਤੇ 15 ਦਿਨ ਦੇ ਅੰਦਰ ਅੰਦਰ ਵਿੱਤ ਮੰਤਰੀ ਨੂੰ ਰਿਪੋਰਟ ਸੌਂਪਣ ਲਈ ਕਿਹਾ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖ਼ਾਹ ਕਟੌਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਦੀ ਤਨਖ਼ਾਹ ਵਾਧੇ ਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਜਗਮੋਹਨ ਸਿੰਘ ਚਮਕੌਰ ਸਿੰਘ ਬਲਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਦੂਰ ਕਰਨ ਦੇ ਫ਼ੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ, ਪਰ 2 ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ। ਆਗੂਆਂ ਨੇ ਮੀਟਿੰਗ ਉਪਰੰਤ ਐਲਾਨ ਕੀਤਾ ਕਿ ਦਫ਼ਤਰੀ ਕਰਮਚਾਰੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਜੇਕਰ ਹੁਣ ਵੀ ਅਧਿਕਾਰੀਆਂ ਨੇ ਢਿੱਲ ਮੱਠ ਦੀ ਕਾਰਵਾਈ ਦਿਖਾਈ ਤਾਂ ਸੜਕਾਂ ਤੇ ਨਿਕਲ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।