All Latest NewsNews FlashPunjab News

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਵੱਲੋਂ ਸੰਘਰਸ਼ ਦੀ ਲਾਮਬੰਦੀ

 

15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ ਲਈ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਕਰਾਂਗੇ ਸ਼ਮੂਲੀਅਤ -ਮਲਕੀਤ ਹਰਾਜ/ ਚਤਰਪਾਲ ਸਿੰਘ

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

ਪਿਛਲੇ ਦਿਨੀਂ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ( ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ) ਵਲੋਂ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 9-10 ਦਸੰਬਰ ਨੂੰ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ ਵਿੱਚ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਭੇਜੇ ਗਏ ਸਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭਾਵੜਾ ਅਤੇ ਆਰਟ ਐਂਡ ਕਰਾਫਟ / ਪੀ.ਟੀ.ਆਈ ਦੇ ਆਗੂ ਚਤਰਪਾਲ ਸਿੰਘ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ (ਡੀਐਸਸੀ ਸੈਕੰਡਰੀ) ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰ ਦਿੱਤੇ ਗਏ ਹਨ ਅਤੇ ਇਹਨਾਂ ਅਧਿਆਪਕਾਂ ਤੋਂ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ।

ਡੀ.ਟੀ.ਐਫ.ਆਗੂਆਂ ਨੇ ਕਿਹਾ ਕਿ ਪੀ.ਟੀ.ਆਈ ਅਤੇ ਡਰਾਇੰਗ ਅਧਿਆਪਕਾਂ ਦਾ ਤਨਖਾਹ ਕਟੌਤੀ ਦਾ ਪੱਤਰ ਵਾਪਸ ਲਿਆ ਜਾਣਾ ਚਾਹੀਦਾ ਹੈ ਅਤੇ ਪੀਟੀਆਈ, ਖੇਤੀਬਾੜੀ ਟੀਚਰ, ਸਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰਾਂ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗੈਰ ਵਾਜਬ ਫੈਸਲਾ ਵਾਪਸ ਲਿਆ ਜਾਣ ਤੋਂ ਇਲਾਵਾ ਇਹਨਾਂ ਕਾਡਰਾਂ ਦੀਆਂ ਪੁਰਾਣੀਆਂ ਪੋਸਟਾਂ ਬਹਾਲ ਕਰਕੇ ਲੋੜ ਅਨੁਸਾਰ ਸਾਰੇ ਸਕੂਲਾਂ ਵਿੱਚ ਨਵੀਆਂ ਅਸਾਮੀਆਂ ਦਿੱਤੀਆਂ ਜਾਣ।

ਨਿਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਨ ਤੇ ਰੋਕ ਲਗਾਈ ਜਾਵੇ ਤੇ ਪੰਜਾਬ ਸਰਕਾਰ ਸਥਾਨਕ ਹਾਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕੀਤੀ ਜਾਵੇ। ਉਹਨਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਦੀ ਲਾਮਬੰਦੀ ਲਈ ਹੈ।

ਉਹਨਾਂ ਕਿਹਾ ਕਿ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ ਅਤੇ ਇਸ ਰੋਸ ਪ੍ਰਦਰਸ਼ਨ ਵਿੱਚ ਮਹਿਲਾ ਅਧਿਆਪਕਾਂ ਦਾ ਜਥਾ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ। ਇਸ ਸਮੇਂ ਮਨਜਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਮੀਨਾ ਕੁਮਾਰੀ, ਤੇਜਿੰਦਰ ਕੌਰ, ਰੂਬੀ ਸ਼ਰਮਾਂ, ਮੀਤੂ ਬਾਲਾ, ਰਾਜਬੀਰ ਕੌਰ ਕੁਲਵੰਤ ਕੌਰ, ਸੁਨੀਤਾ ਰਾਣੀ, ਰਣਜੀਤ ਸਿੰਘ, ਹਰਜੀਤ ਕੌਰ, ਪਵਨਦੀਪ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *