ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ‘ਚ ਬੇਚੈਨੀ ਪੈਦਾ ਕਰਨ ਵਾਲਾ ਅਧਿਆਪਕ ਵਿਰੋਧੀ ਫੌਰੀ ਪੱਤਰ ਵਾਪਸ ਲਿਆ ਜਾਵੇ: ਜੀਐਸਟੀਯੂ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਨੇ ਆਖਿਆ ਕਿ ਸੀ ਐਂਡ ਵੀ ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਆਰਡਰ ਤੁਰੰਤ ਰੱਦ ਕੀਤੇ ਜਾਣ, ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਮਿਤੀ 08-11-2024 ਨੂੰ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਪੀ ਟੀ ਆਈ ਅਤੇ ਆਰਟ ਐਂਡ ਕਰਾਫਟ ਟੀਚਰਾਂ ਆਦਿ ਦੇ ਪੇਅ ਸਕੇਲਾਂ ਸਬੰਧੀ ਪੱਤਰ ਜਾਰੀ ਕੀਤਾ ਹੈ।
ਇਸ ਪੱਤਰ ਰਾਹੀਂ ਇਸੇ ਦਫ਼ਤਰ ਦੁਆਰਾ ਜਾਰੀ ਸੋਧ ਪੱਤਰ ਮਿਤੀ 08/11/2012 ਵਾਪਸ ਲੈਂਦਿਆਂ ਪੰਜਾਬ ਸਰਕਾਰ ਵਿੱਤ ਵਿਭਾਗ ਦੇ ਪੱਤਰ ਨੰਬਰ 5/10/09-5 ਐੱਫ ਪੀ1/665 ਮਿਤੀ 05/10/2011 ਅਨੁਸਾਰ ਕਾਰਵਾਈ ਕਰਦੇ ਹੋਏ ਬਣਦੀ ਰਿਕਵਰੀ ਜਮ੍ਹਾਂ ਕਰਾਉਂਦੇ ਹੋਏ ਸਰਕਾਰ ਅਤੇ ਦਫ਼ਤਰ ਨੂੰ ਰਿਪੋਰਟ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ, ਵਿੱਤ ਸਕੱਤਰ ਨਵੀਂਨ ਕਮਾਰ ਸਚਦੇਵਾ, ਅਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਪਰਵੀਨ ਕੁਮਾਰ ਲੁਧਿਆਣਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਸਲਾਹਕਾਰ ਪ੍ਰੇਮ ਚਾਵਲਾ,ਕਾਰਜ ਸਿੰਘ ਕੈਰੋ ਨੇ ਪ੍ਰੈੱਸ ਬਿਆਨ ਰਾਹੀਂ ਇਸ ਪੱਤਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ 5/10/2011 ਦੇ ਵਿੱਤ ਵਿਭਾਗ ਦੇ ਉਕਤ ਪੱਤਰ ਅਨੁਸਾਰ ਜਾਰੀ ਗ੍ਰੇਡ ਪੇ ਨਾਲ ਤਨਖਾਹ ਫਿਕਸ ਕੀਤੀ ਗਈ ਹੈ।
ਪ੍ਰੰਤੂ ਸਿੱਖਿਆ ਵਿਭਾਗ ਵੱਲੋਂ ਹੁਣ ਜਾਰੀ ਪੱਤਰ ਮੁਤਾਬਕ ਪੀ.ਟੀ ਆਈਜ਼ ਨੂੰ ਸੀ ਐਂਡ ਵੀ ਕਾਡਰ ਵਿੱਚੋਂ ਬਾਹਰ ਕੱਢਣ ਦੀ ਸਾਜ਼ਿਸ਼ ਰਚਦਿਆਂ ਨਵੇਂ ਸਿਰਿਉਂ ਤਨਖਾਹ ਫਿਕਸ ਕਰਕੇ ਅਸਿੱਧੇ ਰੂਪ ਵਿਚ ਤਨਖਾਹ ਕਟੌਤੀ ਦੀ ਚਾਲ ਚੱਲੀ ਜਾ ਰਹੀ ਹੈ। ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਰਾਹੀਂ ਜਾਰੀ ਕੀਤੇ ਕਿਸੇ ਪੱਤਰ ਨਾਲ ਅਧਿਆਪਕਾਂ ਨੂੰ ਕੋਈ ਵਿੱਤੀ ਨੁਕਸਾਨ ਹੁੰਦਾ ਹੈ ਤਾਂ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਖਿਲਾਫ ਜੱਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।