ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਮਰਜ ਕਰਨ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਮੰਗ
ਆਧੁਨਿਕ ਕੰਪਿਊਟਰ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਨਾਲ਼ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਪੰਜਾਬ ਸਰਕਾਰ – ਸੁਰਿੰਦਰ ਪੁਆਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ , ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਖ਼ਾਨਪੁਰ, ਵਿੱਤ ਸਕੱਤਰ ਨਵੀਨ ਸਚਦੇਵਾ ਜ਼ੀਰਾ, ਪਰਮਿੰਦਰਪਾਲ ਸਿੰਘ ਕਾਲੀਆ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਆਗੂਆਂ ਵੱਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਲਗਭਗ 20 ਸਾਲਾਂ ਤੋਂ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੇ ਹਾਣੀ ਬਣਨ ਲਈ ਕੰਪਿਊਟਰ ਦੀ ਸਿੱਖਿਆ ਪ੍ਰਦਾਨ ਕਰ ਰਹੇ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸੁਸਾਇਟੀਆਂ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।
ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਹੋਰ ਮੁਲਾਜ਼ਮਾਂ ਦੀ ਤਰ੍ਹਾਂ ਕੰਪਿਊਟਰ ਅਧਿਆਪਕਾਂ ਨਾਲ ਵੀ ਵਾਅਦਾ ਕੀਤਾ ਸੀ ਕਿ ਇਹਨਾਂ ਅਧਿਆਪਕਾਂ ਨੂੰ ਸਰਕਾਰ ਬਣਨ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇਗਾ। ਬੜੀ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲਗਭਗ ਤਿੰਨ ਸਾਲ ਬੀਤਣ ਦੇ ਬਾਅਦ ਵੀ ਇੱਕ ਵੀ ਕੰਪਿਊਟਰ ਅਧਿਆਪਕ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਗਿਆ।
ਆਗੂਆਂ ਵਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਗਿਆ ਕਿ ਕੰਪਿਊਟਰ ਅਧਿਆਪਕਾ ਨੂੰ ਮਤਰੇਈ ਮਾਂ ਵਾਲ਼ਾ ਸਲੂਕ ਬੰਦ ਕੀਤਾ ਜਾਵੇ ਤੇ ਇਹਨਾਂ ਅਧਿਆਪਕਾਂ ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ ਤੇ ਵਿਭਾਗ ਵਿੱਚ ਮਰਜ ਕੀਤਾ ਜਾਵੇ। ਜਥੇਬੰਦੀ ਵਲੋਂ ਕੰਪਿਊਟਰ ਅਧਿਆਪਕਾਂ ਦੇ ਮੁੱਖ ਮੰਤਰੀ ਪੰਜਾਬ ਦੇ ਘਰ ਕੋਲ਼ ਕੀਤੇ ਜਾ ਰਹੇ ਸੰਘਰਸ਼ ਦਾ ਸ਼ਮਰਥਨ ਕੀਤਾ ਗਿਆ ਤੇ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।ਇਸ ਸਮੇਂ ਬਲਵੀਰ ਸਿੰਘ ਕੰਗ, ਮਨੀਸ਼ ਸ਼ਰਮਾ, ਧਰਮ ਸਿੰਘ ਮਲੌਦ, ਚਰਨ ਸਿੰਘ ਤਾਜਪੁਰੀ, ਕੁਲਦੀਪ ਸਿੰਘ ਪ੍ਰਧਾਨ ਪੱਖੋਵਾਲ, ਪਰਮਜੀਤ ਸਿੰਘ, ਰਮਨਦੀਪ ਸਿੰਘ ਫਲੇਵਾਲ, ਜਗਦੀਸ਼ ਸਿੰਘ, ਦਰਸ਼ਨ ਸਿੰਘ ਮੋਹੀ, ਨਰਿੰਦਰਪਾਲ ਸਿੰਘ ਬੁਰਜ ਲਿਟਾਂ , ਪਰਮਜੀਤ ਸਿੰਘ ਸਵੱਦੀ ਆਗੂ ਹਾਜ਼ਰ ਸਨ।