ਪੰਜਾਬ ‘ਚ AAP ਦੇ ਸੀਨੀਅਰ ਆਗੂ ਨੇ ਛੱਡੀ ਪਾਰਟੀ, ਭਾਜਪਾ ‘ਚ ਹੋਏ ਸ਼ਾਮਲ
ਜਲੰਧਰ:
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਜਲੰਧਰ ਤੋਂ ‘ਆਪ’ ਆਗੂ ਪ੍ਰਦੀਪ ਖੁੱਲਰ ਵੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਸ ਗੱਲ ਦਾ ਖੁਲਾਸਾ ਖੁਦ ਪ੍ਰਦੀਪ ਖੁੱਲਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਹੈ।
ਪੱਛਮੀ ਹਲਕੇ ਵਿੱਚ ਚੰਗਾ ਪ੍ਰਭਾਵ ਰੱਖਣ ਵਾਲੇ ਖੁੱਲਰ ਨੇ ਆਮ ਆਦਮੀ ਪਾਰਟੀ ਵਿੱਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਨਿਗਮ ਚੋਣਾਂ ‘ਚ ਟਿਕਟ ਨਾ ਮਿਲਣ ਕਾਰਨ ਖੁੱਲਰ ਆਮ ਆਦਮੀ ਪਾਰਟੀ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣਾਂ ਦੌਰਾਨ ਖੁੱਲਰ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ ਅਤੇ ਮਹਿਜ਼ 7 ਮਹੀਨਿਆਂ ਬਾਅਦ ਹੀ ਪਾਰਟੀ ਨੂੰ ਅਲਵਿਦਾ ਕਹਿ ਕੇ ਮੁੜ ਭਾਜਪਾ ‘ਚ ਸ਼ਾਮਲ ਹੋ ਗਏ ਹਨ।