ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾਈ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਸੰਗਰੂਰ ‘ਚ ਦੋ ਰੋਜ਼ਾ ਜਨ ਸੰਪਰਕ ਮੁਹਿੰਮ ਚਲਾਈ!
ਸੂਬਾਈ ਕਾਨਫਰੰਸ ਦਾ ਪੋਸਟਰ ਰਿਲੀਜ਼ ਕੀਤਾ ਗਿਆ, 3 ਜਨਵਰੀ ਨੂੰ ਕੀਤੀ ਜਾ ਰਹੀ “ਬਨੇਗਾ ਪ੍ਰਾਪਤੀ ਰੈਲੀ” ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪੁੱਜਣ ਦਾ ਸੱਦਾ
ਪੰਜਾਬ ਨੈੱਟਵਰਕ, ਸੰਗਰੂਰ
ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾ ਕਾਨਫਰੰਸ 3-4 ਜਨਵਰੀ 2025 ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ, ਜਿਸ ਦੀ ਤਿਆਰੀ ਦੇ ਸਬੰਧ ਵਿੱਚ ਸੰਗਰੂਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜੰਨ ਸੰਪਰਕ ਮੁਹਿੰਮ ਰਾਹੀਂ ਪਹੁੰਚ ਕਰਕੇ ਕਾਨਫਰੰਸ ਦੇ ਪਹਿਲੇ ਦਿਨ 3 ਜਨਵਰੀ ਨੂੰ ਕੀਤੀ ਜਾ ਰਹੀ ਨੌਜਵਾਨਾਂ ਦੀ “ਬਨੇਗਾ ਪ੍ਰਾਪਤੀ ਰੈਲੀ” ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਸੂਬਾ ਮੀਤ ਸਕੱਤਰ ਨਵਜੀਤ ਸੰਗਰੂਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ, ਉਹਨਾਂ ਤੇ ਤਸ਼ਦਦ ਢਾਹਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪਹਿਲਾਂ ਪੰਜਾਬ ਸੂਬੇ ਤੇ ਰਾਜ ਕਰ ਚੁੱਕੇ ਪਹਿਲੇ ਮੁੱਖ ਮੰਤਰੀਆਂ ਦੀ ਤਰ੍ਹਾਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਘਰ ਵੀ ਧਰਨਿਆਂ ਦਾ ਪਿੜ ਬਣਿਆ ਹੋਇਆ ਹੈ,ਜਿਸ ਤੋਂ ਸਿੱਧੇ ਸੰਕੇਤ ਮਿਲ ਰਹੇ ਹਨ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੰਜੀਦਾ ਨਹੀਂ ਹੈ।
ਉਕਤ ਆਗੂਆਂ ਨੇ ਕਿਹਾ ਕਿ ਕਿ “ਬਨੇਗਾ ਪ੍ਰਾਪਤੀ ਮੁਹਿੰਮ” ਦੇ ਬੈਨਰ ਹੇਠ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਕਾਨੂੰਨ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਜਿਸ ਅਨੁਸਾਰ ਹਰ ਇਕ ਨੂੰ (ਜੋ ਚਾਹੁੰਦਾ ਹੈ) ਉਹਦੀ ਯੋਗਤਾ ਅਨੁਸਾਰ ਕੰਮ ਅਤੇ ਕੰਮ ਅਨੁਸਾਰ ਤਨਖਾਹ ਅਣ-ਸਿੱਖਿਅਤ ਨੂੰ 30,000/-,ਅਰਧ -ਸਿੱਖਿਅਤ ਨੂੰ 35,000/-, ਸਿੱਖਿਅਤ ਨੂੰ 45,000/- ਅਤੇ ਉੱਚ -ਸਿੱਖਿਅਤ ਨੂੰ 60,000/- ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਗਰੰਟੀ ਲਈ ਅਤੇ ਜੇਕਰ ਸਰਕਾਰ ਇਕ ਸਾਲ ਦੇ ਅੰਦਰ ਕੰਮ ਦੇਣ ਵਿੱਚ ਅਸਫਲ ਹੈ, ਤਾਂ ਉਕਤ ਤਨਖਾਹ ਦਾ ਅੱਧਾ ਹਿੱਸਾ ਕੰਮ ਇੰਤਜ਼ਾਰ ਭੱਤਾ ਲਾਜ਼ਮੀ ਕਰਵਾਉਣ।
ਬਨੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਤੇ ਨਵਾਂ ਰੁਜ਼ਗਾਰ ਪੈਦਾ ਕਰਨ ਲਈ ‘ਕੰਮ ਦਿਹਾੜੀ ਦੀ ਕਾਨੂੰਨੀ ਸੀਮਾ 6 ਘੰਟੇ ਹੋਵੇ’, ਹਰ ਇਕ ਲਈ ਮੁਫ਼ਤ ਅਤੇ ਲਾਜ਼ਮੀ ਵਿਗਿਆਨਕ ਸਿੱਖਿਆ, ਮੁਫ਼ਤ ਸਿਹਤ ਸਹੂਲਤਾਂ, ਵਾਤਾਵਰਣ ਅਤੇ ਪਾਣੀਆਂ ਦੀ ਸੰਭਾਲ, ਚੰਗੀ ਉਸਾਰੂ ਖੇਡ ਨੀਤੀ ਅਤੇ ਮਨੁੱਖਾ ਸ਼ਕਤੀ ਦੀ ਮੁਕੰਮਲ ਯੋਜਨਾਬੰਦੀ ਆਦਿ ਦੀ ਪ੍ਰਾਪਤੀ ਲਈ ਸਮੁੱਚੇ ਬਲਾਕ ਦੇ ਹਰ ਪਿੰਡ, ਗਲੀ/ਮੁਹੱਲੇ ਅਤੇ ਕਸਬੇ ਵਿੱਚ ਜਾ ਕੇ ਲਾਮਬੰਦ ਕੀਤਾ ਜਾ ਰਿਹਾ ਹੈ।
3-4 ਜਨਵਰੀ ਨੂੰ ਕੀਤੀ ਜਾ ਰਹੀ ਨੌਜਵਾਨ ਸਭਾ ਦੀ ਸੂਬਾਈ ਕਾਨਫਰੰਸ ਦੀ ਤਿਆਰੀ ਕਮੇਟੀ ਦੇ ਕਨਵੀਨਰ ਸਾਥੀ ਸੁਖਦੇਵ ਸ਼ਰਮਾ ਦੀ ਅਗਵਾਈ ਵਿੱਚ ਕਾਨਫਰੰਸ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਹੋਰਾਂ ਤੋਂ ਇਲਾਵਾ ਉਥੇ ਸਰਬ ਭਾਰਤ ਨੌਜਵਾਨ ਸਭਾ ਦੇ ਸੰਗਰੂਰ ਦੇ ਆਗੂ ਕੁਲਦੀਪ ਘੋੜੇ ਨਾਬ,ਗੁਰਤੇਜ ਸਫ਼ਰ,ਅਸ਼ੋਕ ਢਾਬਾਂ,ਸਨਮ ਬੱੱਘੇ ਕੇ,ਸੁਰਿੰਦਰ ਬਾਹਮਣੀ ਵਾਲਾ, ਕ੍ਰਿਸ਼ਨਾ ਅਤੇ ਸੋਨੂੰ ਵੀ ਹਾਜ਼ਰ ਸਨ।