All Latest NewsNews FlashPunjab News

Breaking: ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ! 23 ਦਸੰਬਰ ਨੂੰ ਘੇਰੇ ਜਾਣਗੇ ਪੰਜਾਬ ਦੇ ਸਾਰੇ ਡੀਸੀ ਦਫ਼ਤਰ

 

21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ ( ਗੈਰ ਰਾਜਨੀਤਿਕ) ਨਾਲ ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਕਰੇਗੀ ਗੱਲਬਾਤ

ਐਸਕੇਐਮ, ਕੌਮੀ ਖੇਤੀ ਮੰਡੀ ਫਰੇਮਵਰਕ ਨੂੰ ਕਾਨੂੰਨ ਬਣਾਉਣ ਦੀ ਨਹੀਂ ਦੇਵੇਗਾ ਇਜਾਜ਼ਤ

24 ਦਸੰਬਰ ਨੂੰ ਕੌਮੀ ਖੇਤੀ ਮੰਡੀ ਫ੍ਰੇਮਵਰਕ ਖਿਲਾਫ ਕੀਤਾ ਜਾਵੇਗਾ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਫੁਰਮਾਨ ਸਿੰਘ ਸੰਧੂ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ।

ਮੀਟਿੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਸੰਘਰਸ਼ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਾਰਡਰਾਂ ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਅਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕਰਕੇ ਗੈਰ ਜ਼ਿੰਮੇਵਾਰੀ ਵਾਲੀ ਪਹੁੰਚ ਦਾ ਤਿਆਗ ਕਰ ਕੇ ਤੁਰੰਤ ਗੱਲਬਾਤ ਸ਼ੁਰੂ ਕਰੇ, ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਵੇ, ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐਮਐਸਪੀ ਗਰੰਟੀ ਕਾਨੂੰਨ ਸਮੇਤ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉਪਰੋਕਤ ਗੈਰ ਜ਼ਿੰਮੇਵਾਰੀ ਵਾਲੇ ਰਵੱਈਏ ਦੇ ਖਿਲਾਫ 23 ਦਸੰਬਰ ਨੂੰ ਦੇਸ਼ ਦੇ ਸਾਰੇ ਜ਼ਿਲਿਆਂ ਵਿੱਚ ਧਰਨੇ ਦੇਣ ਦਾ ਪ੍ਰੋਗਰਾਮ ਐਲਾਨ ਕੀਤਾ ਹੈ। ਇਹਨਾਂ ਧਰਨਿਆਂ ਦੀ ਤਿਆਰੀ ਵਾਸਤੇ 20 ਦਸੰਬਰ ਨੂੰ ਸਾਰੇ ਜਿਲ੍ਹਿਆਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਏਕਤਾ ਸਬੰਧੀ ਗੱਲਬਾਤ ਮੁੜ ਸ਼ੁਰੂ ਕਰਨ ਲਈ ਭੇਜੀ ਚਿੱਠੀ ਤੇ ਵਿਚਾਰ ਕਰਕੇ ਫੈਸਲਾ ਕੀਤਾ ਕਿ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਹੋਈ ਛੇ ਮੈਂਬਰੀ ਏਕਤਾ ਕਮੇਟੀ ਦੁਬਾਰਾ ਫਿਰ ਗੱਲਬਾਤ ਸ਼ੁਰੂ ਕਰੇਗੀ। ਇਸ ਲਈ 21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ, ਦੋਵੇਂ ਫੋਰਮਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਜਾਵੇਗਾ ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ। ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ। ਇਸ ਸਾਜਿਸ਼ ਦਾ ਵਿਰੋਧ ਕਰਨ ਲਈ 24 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਵਿਖੇ ਬੁਲਾ ਲਈ ਗਈ ਹੈ ਜਿਸ ਵਿੱਚ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਪ੍ਰੇਮ ਸਿੰਘ ਭੰਗੂ, ਨਿਰਭੈ ਸਿੰਘ ਢੁੱਡੀ ਕੇ, ਹਰਿੰਦਰ ਸਿੰਘ ਲੱਖੋਵਾਲ, ਜਗਮੋਹਣ ਸਿੰਘ ਗੁਰਮੀਤ ਸਿੰਘ ਮਹਿਮਾ,ਪਟਿਆਲਾ, ਹਰਮੀਤ ਸਿੰਘ ਕਾਦੀਆਂ, ਡਾਕਟਰ ਸਤਨਾਮ ਸਿੰਘ ਅਜਨਾਲਾ, ਡਾਕਟਰ ਦਰਸ਼ਨ ਪਾਲ , ਕਿਰਪਾ ਸਿੰਘ ਨੱਥੂਵਾਲਾ, ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਰਾਜੂ, ਮਲੂਕ ਸਿੰਘ ਹੀਰਕੇ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਕਿਰਨਜੀਤ ਸਿੰਘ ਸੇਖੋਂ, ਸੁਖ ਗਿੱਲ ਮੋਗਾ, ਬਲਦੇਵ ਸਿੰਘ ਲਤਾਲਾ, ਚਰਨਜੀਤ ਸਿੰਘ ਡੱਲਾ ,ਕੁਲਦੀਪ ਸਿੰਘ ਵਜੀਦਪੁਰ ਅਤੇ ਬਖ਼ਤਾਵਰ ਸਿੰਘ ਹਾਜ਼ਰ ਸਨ।

 

Leave a Reply

Your email address will not be published. Required fields are marked *