ਏਡਿਡ ਸਕੂਲਾਂ ਦੇ ਅਧਿਆਪਕਾਂ ਵੱਲੋਂ ਟੀਚਰ ਡੇਅ ਮੌਕੇ 5 ਸਤੰਬਰ ਨੂੰ ਰਾਜ ਪੱਧਰੀ ਸਮਾਗਮ ਦੇ ਘਿਰਾਓ ਦਾ ਐਲਾਨ

344

 

ਲੁਧਿਆਣਾ

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਏਡਿਡ ਸਕੂਲ ਪੈਨਸ਼ਨਰ ਸੈੱਲ ਦੀ ਸੂਬਾ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਕੀਤੀ ਗਈ। ਜਿਸ ਵਿਚ ਜਥੇਬੰਦੀ ਨੇ ਸਰਬਸੰਮਤੀ ਨਾਲ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ।ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਐੱਨ.ਐੱਨ ਸੈਣੀ ਅਤੇਯੂਨੀਅਨ ਦੇ ਸੂਬਾ ਸਰਪ੍ਰਸਤ ਅਤੇ ਪੈਨਸ਼ਨਰ ਸੈੱਲ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣ ਵਾਅਦਿਆਂ ਦੇ ਉਲਟ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਹਾਲੇ ਤੱਕ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਨਹੀਂ ਦਿੱਤਾ ਹੈ।

ਇਸ ਸਬੰਧੀ ਜਥੇਬੰਦੀ ਵੱਲੋਂ ਵਾਰ ਵਾਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਮੰਗ ਤੇ ਕੋਈ ਗੰਭੀਰਤਾ ਨਹੀਂ ਦਿਖਾਈ ।ਜਿਸ ਕਰਕੇ ਹੁਣ ਰੋਸ ਵਜੋਂ ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲ ਅਧਿਆਪਕ ਅਤੇ ਪੈਨਸ਼ਨਰ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕਰਨ ਉਪਰੰਤ ਸਮਾਗਮ ਦਾ ਘਿਰਾਓ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਅਗਰ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਨਾ ਕੀਤਾ ਗਿਆ ਤਾਂ 5 ਸਤੰਬਰ ਨੂੰ ਡੀ.ਪੀ.ਆਈ ਦਫਤਰ ਮੋਹਾਲੀ ਵਿਖੇ ਸਮੁੱਚੇ ਕਰਮਚਾਰੀਆਂ ਤੇ ਪੈਨਸ਼ਨਰਾਂ ਵੱਲੋਂ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸੂਬੇ ਦੇ ਏਡਿਡ ਸਕੂਲਾਂ ਦੇ ਕਰਮਚਾਰੀਆਂ , ਪੈਨਸ਼ਨਰਾਂ ਤੇ ਅਧਿਆਪਕਾਂ ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਨਾਲ ਨਾਲ ਦਿੱਲੀ ਪੈਟਰਨ ਦਿੱਲੀ ਦੇ ਏਡਿਡ ਸਕੂਲਾਂ ਦੇ ਪੈਟਰਨ ਤੇ ਲਾਭ ਦੇਣ ਦੇ ਵਾਅਦੇ ਕੀਤੇ ਸਨ ।ਉਨ੍ਹਾਂ ਆਖਿਆ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਵਾਂਗ ਕਾਨੂੰਨੀ ਪੈਰਿਟੀ ਮਿਲੀ ਹੋਈ ਹੈ।ਪਰ ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਹੁਣ ਤੱਕ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਨਾ ਛੇਵਾਂ ਪੇ ਕਮਿਸ਼ਨ ਦਿੱਤਾ ਅਤੇ ਨਾ ਹੀ ਮਹਿੰਗਾਈ ਭੱਤੇ ਵਿੱਚ ਕੋਈ ਵਾਧਾ ਕੀਤਾ ।ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ।

ਜਿਸ ਬਾਰੇ ਸਿੱਖਿਆ ਵਿਭਾਗ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਤੁਰੰਤ ਜਾਰੀ ਕੀਤਾ ਜਾਵੇ। ਇਸ ਮੌਕੇ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਗੁਰਮੀਤ ਸਿੰਘ ਲੁਧਿਆਣਾ, ਪਰਮਜੀਤ ਸਿੰਘ ਗੁਰਦਾਸਪੁਰ, ਡਾ ਗੁਰਮੀਤ ਸਿੰਘ ,ਅਜੇ ਕੁਮਾਰ ਮਿਸ਼ਰਾ ਅੰਮ੍ਰਿਤਸਰ, ਸ਼ਵਿੰਦਰ ਮਛਰਾਲ ਫਿਰੋਜ਼ਪੁਰ , ਰਮੇਸ਼ ਦਸੂਹਾ ,ਰਵਿੰਦਰ ਠਾਕਰ ਨਵਾਂਸ਼ਹਿਰ ਅਤੇ ਹੋਰ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here