ਪੰਜਾਬ ਨੈੱਟਵਰਕ, ਅੰਮ੍ਰਿਤਸਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਤੌਰ ਉਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਜਲਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਮਨਸੂਈ ਬੁੱਧੀ) ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਅਧਿਆਪਕਾਂ ਨੂੰ ਵੀ ਏ.ਆਈ. ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।