ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ 60 ਸਕੂਲਾਂ ਨੂੰ 3 ਕਰੋੜ ਰੁਪਏ ਦੀ ਰਾਸ਼ੀ ਜਾਰੀ

440

 

  • ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- MLA ਸਿੰਗਲਾ

ਮਾਨਸਾ

ਜੇ ਸਾਡੇ ਬੱਚੇ ਪੜ੍ਹ ਲਿਖ ਜਾਣਗੇ ਤਾਂ ਉਹ ਆਪਣਾ ਭਵਿੱਖ ਸੰਵਾਰਨਗੇ ਅਤੇ ਸਾਡੇ ਜ਼ਿਲ੍ਹੇ ਦਾ, ਸੂਬੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਿਆ ਜਾਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਬੱਚਤ ਭਵਨ ਵਿਖੇ ਸਕੂਲਾਂ ਦੀਆਂ ਚਾਰਦੀਵਾਰੀਆਂ ਲਈ ਆਈ ਰਾਸ਼ੀ ਦੇ ਸੈਕਸ਼ਨ ਪੱਤਰ ਸਕੂਲਾਂ ਨੂੰ ਸੌਂਪਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਚਾਹੇ ਸਕੂਲ ਆਫ ਐਮੀਨੈਂਸ ਦੀ ਗੱਲ ਹੋਵੇ, ਚਾਹੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਕੂਲਾਂ ਵਿਚ ਗਰਾਊਂਡ ਬਣਾਉਣੇ ਹੋਣ, ਪੰਜਾਬ ਸਰਕਾਰ ਇਸ ਦੇ ਲਈ ਹਮੇਸ਼ਾ ਤਤਪਰ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਾਨਸਿਕ ਤੇ ਸਰੀਰਿਕ ਵਿਕਾਸ ਹੋਵੇਗਾ ਤਦ ਹੀ ਉਹ ਤਰੱਕੀ ਕਰ ਸਕਣਗੇ, ਇਸ ਦੇ ਲਈ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਸੁਚੱਜਾ ਮਾਹੌਲ ਪ੍ਰਦਾਨ ਕਰਨਾ ਵੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਦੇ 60 ਸਕੂਲਾਂ ਦੀਆਂ ਚਾਰਦੀਵਾਰੀਆਂ ਲਈ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਨਾਲ ਹਲਕੇ ਦੇ 30 ਸਕੂਲਾਂ ਦੀਆਂ ਨਵੀਆਂ ਚਾਰਦੀਵਾਰੀਆਂ ਬਣਾਈਆਂ ਜਾਣਗੀਆਂ ਅਤੇ 30 ਹੋਰ ਸਕੂਲਾਂ ਦੀਆਂ ਚਾਰਦੀਵਾਰੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਦੇ ਸੈਕਸ਼ਨ ਪੱਤਰ ਮੁੱਖ ਅਧਿਆਪਕ ਸਾਹਿਬਾਨ, ਲੋਕਲ ਮੈਨੇਜ਼ਮੈਂਟ ਕਮੇਟੀ ਅਤੇ ਪਿੰਡਾਂ ਦੇ ਵਰਕਰ ਸਾਹਿਬਾਨਾਂ ਦੀ ਹਾਜ਼ਰੀ ਵਿਚ ਸਬੰਧਤ ਸਕੂਲਾਂ ਨੂੰ ਸੌਂਪੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਾਬਲ ਅਧਿਆਪਕਾਂ ਦੇ ਉਪਰਾਲਿਆਂ ਸਦਕਾਂ ਬੱਚਿਆਂ ਦੇ ਦਾਖਲੇ ਦੀ ਗਿਣਤੀ ਵਧੀ ਹੈ। ਆਸ ਕਰਦੇ ਹਾਂ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੰਵਾਰਨ ਦੇ ਅਜਿਹੇ ਉਪਰਾਲਿਆਂ ਸਦਕਾ ਭਵਿੱਖ ਵਿਚ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਦੀ ਗਿਣਤੀ ਵਿਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਸਿੱਖਿਆ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੇ ਹਨ, ਜੋ ਕਿ ਮਾਣ ਵਾਲੀ ਗੱਲ ਹੈ। ਅਜਿਹੇ ਹੁਨਰਮੰਦ ਨੌਜਵਾਨਾਂ ਲਈ ਯੋਗ ਸਾਧਨ ਅਤੇ ਪਲੇਟਫਾਰਮ ਮੁਹੱਈਆ ਕਰਵਾਉਣੇ ਲਾਜ਼ਮੀ ਹਨ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਕੁੱਝ ਲੋੜਵੰਦ ਪਰਿਵਾਰਾਂ ਵੱਲੋਂ ਮਾਲੀ ਸਹਾਇਤਾ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ 5 ਪਰਿਵਾਰਾਂ ਲਈ ਸਰਕਾਰ ਵੱਲੋਂ ਆਈ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੀ ਸਬੰਧਤ ਪਰਿਵਾਰਾਂ ਨੂੰ ਸੌਂਪੇ ਗਏ ਹਨ।

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਚ ਕੀਤਾ ਨਿਵੇਸ਼ ਸਭ ਤੋਂ ਉੱਤਮ ਨਿਵੇਸ਼ ਹੁੰਦਾ ਹੈ ਜੋ ਇਕ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮਾਪਿਆਂ ਦੀ ਸੋਚ ਬਦਲ ਗਈ ਹੈ, ਹਰ ਮਾਂ ਬਾਪ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ ਤਾਂ ਜੋ ਉਹ ਆਪਣਾ ਭਵਿੱਖ ਬਣਾ ਕੇ ਸਮਾਜ ਵਿਚ ਆਪਣਾ ਸਥਾਨ ਬਣਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਵਿਦਿਆਰਥੀ ਚੰਗਾ ਗਿਆਨ ਹਾਸਲ ਕਰਨ ਦੇ ਨਾਲ ਨਾਲ ਸੁਚੱਜੇ ਮਾਹੌਲ ਵਿਚ ਵਿਚਾਰ ਚਰਚਾ ਵੀ ਕਰ ਸਕਣਗੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਪਿੰਡਾਂ ਵਿਚ ਲਾਇਬ੍ਰੇਰੀਆਂ ਬਣਾਉਣ ਲਈ ਉਚਿਤ ਥਾਵਾਂ ਦੀ ਸ਼ਨਾਖ਼ਤ ਕਰਨ ਅਤੇ ਸਕੂਲਾਂ ਲਈ ਆਈ ਸਹਾਇਤਾ ਰਾਸ਼ੀ ਨੂੰ ਸੁਚੱਜੇ ਢੰਗ ਨਾਲ ਲਗਵਾਉਣ ਤਾਂ ਜੋ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੁਚੱਜਾ ਮਾਹੌਲ ਦਿੱਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਬੀ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਮੈਨੈਜ਼ਮੈਂਟ ਕਮੇਟੀ ਦੇ ਮੈਂਬਰ ਅਤੇ ਪੰਚਾਇਤ ਮੈਂਬਰ ਮੌਜੂਦ ਸਨ।

LEAVE A REPLY

Please enter your comment!
Please enter your name here