- ਕਪਿਲ ਪੰਡਿਤ ਨੇ ਸਲਮਾਨ ਖਾਨ ਨੂੰ ਵੀ ਮਾਰਨ ਦੀ ਰਚੀ ਸੀ ਸਾਜ਼ਿਸ਼
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ, ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਕਪਿਲ ਪੰਡਿਤ ਐਕਟਰ ਸਨਮਾਨ ਖ਼ਾਨ ਨੂੰ ਮਾਰਨ ਦੀ ਸਾਜਿਸ਼ ਰਚ ਰਿਹਾ ਸੀ, ਜਿਸ ਨੂੰ ਕਿ, ਪੰਜਾਬ ਪੁਲਿਸ ਨੇ ਦਿੱਲੀ ਦੇ ਸਪੈਸ਼ਲ ਸੈੱਲ ਦੀ ਮਦਦ ਦੇ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ, ਕਪਿਲ ਪੰਡਿਤ, ਜੋ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਵਿਚ ਉਸ ਦੇ ਜੱਦੀ ਪਿੰਡ ਬੇਵੜ ਦੇ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ‘ਚ ਬੰਦ ਸੀ, ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਾਲ 2021 ਵਿਚ ਪੈਰੋਲ ‘ਤੇ ਬਾਹਰ ਆਇਆ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਦੋਂ ਹੀ ਉਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਲਮਾਨ ਖਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ।
ਕਪਿਲ ਨੇ ਖੁਲਾਸਾ ਕੀਤਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ‘ਤੇ ਪਹਿਲਾਂ ਵੀ ਉਸਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ।