ਪੰਜਾਬ ਨੈੱਟਵਰਕ, ਚੰਡੀਗੜ੍ਹ
ਇੱਕ ਮੱਛੀ ਪਾਲਣ ਅਧਿਕਾਰੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਝੱਜਰ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਨੇ ਉਸ ਕੋਲੋਂ 40,000 ਰੁਪਏ ਬਰਾਮਦ ਕਰਨ ਤੋਂ ਬਾਅਦ ਜ਼ਿਲ੍ਹਾ ਮੱਛੀ ਪਾਲਣ ਅਫ਼ਸਰ, ਝੱਜਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਪਤਨੀ ਦੇ ਮੱਛੀ ਫਾਰਮ ਦੇ ਸਬੰਧ ਵਿੱਚ ਸਬਸਿਡੀ ਦੀ ਰਾਸ਼ੀ ਜਾਰੀ ਕਰਨ ਦੇ ਬਦਲੇ ਰਿਸ਼ਵਤ ਲਈ ਸੀ।
ਆਰੀਆ ਨਗਰ ਝੱਜਰ ਦੇ ਵਸਨੀਕ ਨੇ ਐੱਸਵੀਬੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ 90,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ, ਜਿਸ ਵਿੱਚੋਂ 60,000 ਰੁਪਏ ਪਹਿਲਾਂ ਹੀ ਲਏ ਗਏ ਸਨ।
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਉਸ ’ਤੇ 30 ਹਜ਼ਾਰ ਰੁਪਏ ਦੀ ਬਾਕੀ ਰਕਮ ਲਈ ਦਬਾਅ ਪਾ ਰਹੇ ਸਨ।
ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ, ਐੱਸ.ਵੀ.ਬੀ. ਨੇ ਤੁਰੰਤ ਕਾਰਵਾਈ ਕਰਦੇ ਹੋਏ ਛਾਪੇਮਾਰੀ ਕਰ ਕੇ ਦੋਸ਼ੀ ਮੱਛੀ ਪਾਲਣ ਅਫਸਰ ਇਸ਼ਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੇ ਨਾਲ ਹੀ ਟੀਮ ਨੇ ਜ਼ਿਲ੍ਹਾ ਮੱਛੀ ਪਾਲਣ ਅਫ਼ਸਰ ਜੈ ਗੋਪਾਲ ਵਰਮਾ ਕੋਲੋਂ 40 ਹਜ਼ਾਰ ਰੁਪਏ ਵੀ ਬਰਾਮਦ ਕੀਤੇ।
ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।