ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ/ਭਵਾਨੀਗੜ੍ਹ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਸੂਬਾਈ ਆਗੂਆਂ ਦੀ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਖਾਤਰ ਇੱਕ ਮੀਟਿੰਗ ਹੋਈ।
ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਬਹੁਤ ਛੇਤੀ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। ਕੁਝ ਤਕਨੀਕੀ ਕਾਰਨਾ ਕਰਕੇ ਥੋੜ੍ਹਾ ਸਮਾਂ ਰੁਕਣਾ ਪੈ ਰਿਹਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਅਤੇ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਗੰਢੂਆਂ ਨੇ ਦੱਸਿਆ ਕਿ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਬਹੁਤ ਜਲਦੀ ਪੱਕੀਆਂ ਕੀਤੀਆਂ ਜਾ ਰਹੀਆਂ ਹਨ।
ਆਦਰਸ਼ ਸਕੂਲਾਂ ਵਿਚ ਪੜ੍ਹਾਉਣ ਦਾ ਤਜ਼ਰਬਾ ਮੰਨਕੇ 2019 ਦੀ ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਵਿੱਚ ਸਕਰੂਟਨੀ ਕਰਵਾ ਚੁੱਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਆਗੂਆਂ ਨੇ ਕਿਹਾ ਹੈ ਕਿ ਵਿੱਤ ਮੰਤਰੀ ਨੇ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਵੱਖ ਵੱਖ ਸਮਿਆਂ ਤੇ ਨੌਕਰੀਓਂ ਕੱਢੇ ਅਧਿਆਪਕਾਂ ਨੂੰ ਬਹਾਲ ਕਰਨ ਸਮੇਤ ਪਿਛਲੀ ਸਰਕਾਰ ਦੌਰਾਨ ਬੰਦ ਕੀਤੇ ਗਏ ਦੋ ਆਦਰਸ਼ ਸਕੂਲਾਂ ਨੂੰ ਮੁੜ ਚਾਲੂ ਕਰਨ ਦਾ ਪੂਰਨ ਹੁੰਗਾਰਾਂ ਦਿੱਤਾ ਹੈ।
ਹੋਰ ਮੰਗਾਂ ਨੂੰ ਲੈ ਕੇ ਵਿਸਥਾਰ ‘ਚ ਵਿਚਾਰ ਚਰਚਾ ਕੀਤੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਆਦਰਸ਼ ਸਕੂਲਾਂ ਦੇ ਮਾਮਲਿਆਂ ਨੂੰ ਹੋਰ ਜ਼ਿਆਦਾ ਲਟਕਾਉਂਦੀ ਹੈ ਤਾਂ ਯੂਨੀਅਨ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਢੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।